ਕਪੂਰਥਲਾ, 13 ਫਰਵਰੀ (ਸਡਾਨਾ)- ਬੀਤੀ ਰਾਤ ਔਜਲਾ ਫਾਟਕ ਨੇੜੇ ਸਥਿਤ ਮੰਗੀ ਕਲੋਨੀ ਵਿਖੇ ਵਿਆਹ ਸਬੰਧੀ ਚੱਲ ਰਹੇ ਜਾਗੋ ਸਮਾਗਮ ਦੌਰਾਨ ਗੋਲੀ ਚਲਾਉਣ ਦੀ ਘਟਨਾ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਜਿਸ ਨੂੰ ਦੇਰ ਰਾਤ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਤੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਜਲੰਧਰ ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਦਲਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਥਾਣਾ ਸਿਟੀ ਮੁਖੀ ਅਮਨਦੀਪ ਨਾਹਰ ਸਮੇਤ ਉਨ੍ਹਾਂ ਨੇ ਪੁਲਿਸ ਟੀਮਾਂ ਦੇ ਨਾਲ ਮੌਕੇ 'ਤੇ ਪਹੁੰਚ ਕੇ ਲੋੜੀਂਦੀ ਜਾਣਕਾਰੀ ਹਾਸਲ ਕੀਤੀ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਲਾਇਸੈਂਸੀ ਪਿਸਤੌਲ ਬਰਾਮਦ ਕਰ ਲਈ ਗਈ ਹੈ | ਪ੍ਰਾਪਤ ਵੇਰਵੇ ਅਨੁਸਾਰ ਬੀਤੀ ਰਾਤ ਡੀ.ਜੇ. 'ਤੇ ਜਾਗੋ ਦਾ ਪ੍ਰੋਗਰਾਮ ਚੱਲ ਰਿਹਾ ਸੀ, ਜਿਸ ਦੌਰਾਨ ਇਕ ਵਿਅਕਤੀ ਨੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ, ਜੋ ਕਿ ਉਸੇ ਸਮਾਗਮ ਵਿਚ ਸ਼ਾਮਲ ਦਲਜੀਤ ਸਿੰਘ ਨਾਮਕ ਵਿਅਕਤੀ ਦੇ ਲੱਗੀ ਅਤੇ ਵਿਆਹ ਵਾਲੇ ਘਰ ਵਿਚ ਹਫ਼ੜਾ ਦਫ਼ੜੀ ਫੈਲ ਗਈ | ਡੀ.ਐਸ.ਪੀ. ਨੇ ਦੱਸਿਆ ਕਿ ਐਫ.ਆਈ.ਆਰ. ਦਰਜ ਕਰਨ ਉਪਰੰਤ ਦੋਸ਼ੀ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਨਾਲ ਹੀ ਜਾਗੋ ਪ੍ਰੋਗਰਾਮ ਦੀ ਵੀਡਿਓਗ੍ਰਾਫ਼ੀ ਵੀ ਹਾਸਲ ਕਰਕੇ ਉਸ ਨੂੰ ਜਾਂਚ ਦੇ ਘੇਰੇ ਵਿਚ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਵਿਚ ਕਿਸੇ ਨੂੰ ਵੀ ਗੋਲੀ ਚਲਾਉਣ ਜਾਂ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |