ਖਲਵਾੜਾ, 13 ਫਰਵਰੀ (ਮਨਦੀਪ ਸਿੰਘ ਸੰਧੂ)- ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਦੇ ਚੱਲਦਿਆਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਹੈ ਕਿਉਂਕਿ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਡਿਊਟੀਆਂ ਹੋਰ ਕੰਮਾਂ ਵਿਚ ਲਗਾ ਕੇ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਸੱਖਣੇ ਰੱਖਿਆ ਜਾ ਰਿਹਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਪ੍ਰੇਮ ਖਲਵਾੜਾ ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਬਲਾਕ ਗੋਰਾਇਆ-1 ਨੇ ਕਰਦਿਆਂ ਕਿਹਾ ਕਿ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਤਾਂ ਪਹਿਲਾਂ ਹੀ ਚੱਲ ਰਹੀ ਸੀ ਤੇ ਉੱਪਰੋਂ ਪਿਛਲੇ ਅੱਠ ਸਾਲਾਂ ਤੋਂ ਪ੍ਰੀ-ਪ੍ਰਾਇਮਰੀ ਕਲਾਸਾਂ ਨੂੰ ਵੀ ਪ੍ਰਾਇਮਰੀ ਅਧਿਆਪਕਾਂ ਦੇ ਤਹਿਤ ਕਰਕੇ ਉਨ੍ਹਾਂ ਤੇ ਵਾਧੂ ਬੋਝ ਪਾਇਆ ਗਿਆ ਹੈ ਤੇ ਪ੍ਰੀ-ਪ੍ਰਾਇਮਰੀ ਬੱਚਿਆਂ ਲਈ ਕਦੇ ਵੀ ਅਧਿਆਪਕਾਂ ਦੀ ਭਰਤੀ ਨਹੀਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅਧਿਆਪਕਾਂ ਤੋਂ ਬੀ. ਐਲ. ਓ. ਤੇ 10 ਲੱਖ ਵਾਲੇ ਹੈਲਥ ਕਾਰਡ ਲਈ ਡਿਊਟੀਆਂ ਲਗਾ ਕੇ ਪੜ੍ਹਾਈ ਦਾ ਹੋਰ ਭੱਠਾ ਬਿਠਾਇਆ ਜਾ ਰਿਹਾ ਹੈ | ਉਨ੍ਹਾਂ ਹੋਰ ਦੱਸਿਆ ਕਿ ਮਿਡ-ਡੇ-ਮੀਲ ਤੇ ਉਸ ਦੀਆਂ ਅਦਾਇਗੀਆਂ ਦੀ ਪ੍ਰਕਿਰਿਆ ਬਹੁਤ ਗੁੰਝਲਦਾਰ ਹੈ ਜਿਸ ਵਿਚ ਅਧਿਆਪਕਾਂ ਦੀ ਬਹੁਤ ਮਗ਼ਜ਼ ਖਪਾਈ ਹੁੰਦੀ ਹੈ ਅਤੇ ਇਸ ਤੋਂ ਇਲਾਵਾ ਹੋਰ ਹਿਸਾਬ ਕਿਤਾਬ ਵੱਖਰੇ ਰੱਖਣੇ ਪੈਂਦੇ ਹਨ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਅਧਿਆਪਕਾਂ ਦੀ ਲੋੜੀਂਦੀ ਭਰਤੀ ਕੀਤੀ ਜਾਵੇ ਤੇ ਅਧਿਆਪਕਾਂ ਤੋਂ ਲਿਆ ਜਾਂਦਾ ਬੇਲੋੜਾ ਕੰਮ ਬੰਦ ਕੀਤਾ ਜਾਵੇ |