ਕਪੂਰਥਲਾ, 13 ਫਰਵਰੀ (ਵਿ.ਪ੍ਰ.)- ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕਪੂਰਥਲਾ ਬਲਵਿੰਦਰਜੀਤ ਸਿੰਘ ਨੇ ਦੱਸਿਆ ਕਿ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ 16 ਫਰਵਰੀ ਨੂੰ ਵਿਰਸਾ ਵਿਹਾਰ ਕਪੂਰਥਲਾ ਵਿਖੇ ਸਵੇਰੇ 9 ਵਜੇ ਤੋਂ 2 ਵਜੇ ਤੱਕ ਇਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵਲੋਂ ਕੈਂਪ ਵਿਚ ਆਉਣ ਵਾਲੇ ਬਜ਼ੁਰਗਾਂ ਦੀ ਸਿਹਤ ਜਾਂਚ ਤੋਂ ਇਲਾਵਾ ਉਨ੍ਹਾਂ ਦੇ ਟੈੱਸਟ ਵੀ ਕੀਤੇ ਜਾਣਗੇ ਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਅੱਖਾਂ ਦਾ ਇਲਾਜ ਕਰਵਾਉਣ ਵਾਲੇ ਬਜ਼ੁਰਗਾਂ ਦੀ ਮੈਡੀਕਲ ਜਾਂਚ ਤੋਂ ਬਾਅਦ ਉਨ੍ਹਾਂ ਦੀ ਸਰਜਰੀ ਵੀ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਕੈਂਪ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਬਜ਼ੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਮੌਕੇ 'ਤੇ ਸੀਨੀਅਰ ਸਿਟੀਜ਼ਨ ਕਾਰਡ ਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ |