ਡਡਵਿੰਡੀ, 14 ਫਰਵਰੀ (ਦਿਲਬਾਗ ਸਿੰਘ ਝੰਡ)- ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਹਲਕਾ ਸੁਲਤਾਨਪੁਰ ਲੋਧੀ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਅਰਜਨਾ ਅਵਾਰਡੀ ਨੇ ਕਿਹਾ ਹੈ ਕਿ ਪੰਜਾਬ ਵਿਚ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਦੇ ਨਤੀਜੇ ਸਾਰਥਕ ਆਉਣ ਲੱਗ ਪਏ ਹਨ ਜਿਸ ਦੀ ਬਦੌਲਤ ਪੰਜਾਬ ਦੇ ਸਕੂਲਾਂ ਦੀ ਜਿੱਥੇ ਨੁਹਾਰ ਬਦਲੀ ਜਾ ਚੁੱਕੀ ਹੈ ਉੱਥੇ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਇਨ੍ਹਾਂ ਉੱਚਾ ਹੋ ਚੁੱਕਾ ਹੈ ਕਿ ਹੁਣ ਬੁੱਧੀਜੀਵੀ ਵਰਗ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗਾ ਹੈ | ਉਨ੍ਹਾਂ ਕਿਹਾ ਕਿ ਇਸ ਦੀ ਤਾਜ਼ਾ ਮਿਸਾਲ ਸੁਲਤਾਨਪੁਰ ਲੋਧੀ ਦੇ ਹੋਮਿਉਪੈਥੀ ਦੇ ਸੀਨੀਅਰ ਡਾਕਟਰ ਤਜਿੰਦਰਪਾਲ ਸਿੰਘ ਰੰਧਾਵਾ ਵੱਲੋਂ ਆਪਣੇ ਤਿੰਨੋਂ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਤੋਂ ਮਿਲਦੀ ਹੈ | ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ 'ਤੇ ਪੰਜਾਬ ਵਿਚ ਸਥਾਪਿਤ ਕੀਤੀ ਗਈ ਸਿੱਖਿਆ ਨੀਤੀ ਨਾਲ ਪੰਜਾਬ ਦੇ ਸਕੂਲਾਂ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਹਨ | ਡਾ. ਤਰਜਿੰਦਰਪਾਲ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਦੇ ਮੁੱਢਲੇ ਢਾਂਚੇ ਤੇ ਅਧਿਆਪਕਾਂ ਵਿਚ ਪੂਰਨ ਭਰੋਸਾ ਹੈ ਜਿਸ ਕਰਕੇ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾ ਰਹੇ ਹਨ |