ਸੁਭਾਨਪੁਰ, 14 ਫਰਵਰੀ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਐਸ.ਆਈ. ਹਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਡੋਗਰਾਂਵਾਲ, ਹਮੀਰਾ ਦੀ ਤਰਫ਼ ਗਸ਼ਤ ਕਰ ਰਹੇ ਸਨ | ਜਦੋਂ ਪੁਲਿਸ ਪਾਰਟੀ ਪਸ਼ੂ ਮੰਡੀ ਸੁਭਾਨਪੁਰ ਦੇ ਨਜ਼ਦੀਕ ਪਹੁੰਚੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਪੈਂਟ ਵਿਚੋਂ ਇੱਕ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਕੇ ਤੇਜ਼ ਕਦਮੀ ਤੁਰ ਪਿਆ ਜਿਸ ਨੂੰ ਕਾਬੂ ਕਰਕੇ ਜਦੋਂ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਸੋਮ ਪ੍ਰਕਾਸ਼ ਪੁੱਤਰ ਗਿਆਨ ਚੰਦ ਵਾਸੀ ਅਲਾਵਲਪੁਰ ਥਾਣਾ ਆਦਮਪੁਰ ਜ਼ਿਲ੍ਹਾ ਜਲੰਧਰ ਦੱਸਿਆ | ਉਕਤ ਵਿਅਕਤੀ ਵਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |