ਕਪੂਰਥਲਾ, 27 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਨ੍ਹਾਂ ਰੈਲੀਆਂ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੇਂਡੂ ਖੇਤਰਾਂ ਦੇ ਲੋਕ ਸ਼ਾਮਲ ਹੋ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐੱਚ.ਐੱਸ. ਵਾਲੀਆ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਕਪੂਰਥਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਦੇ ਸੰਭਾਵੀ ਮੁੱਖ ਮੰਤਰੀ ਵਜੋਂ ਦੇਖ ਰਹੇ ਹਨ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੀ ਰਾਜ ਦੇ ਲੋਕਾਂ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਦਿੱਤਾ ਸੀ, ਜਿਸ ਤੋਂ ਅਕਾਲੀ ਦਲ ਦੇ ਜਨਤਕ ਆਧਾਰ ਵਧਣ ਦੇ ਸੰਕੇਤ ਸਾਹਮਣੇ ਆਏ ਸਨ | ਐੱਚ.ਐੱਸ. ਵਾਲੀਆ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਪੰਜਾਬ 'ਚ ਵੱਧ ਰਹੇ ਆਧਾਰ ਨੂੰ ਲੈ ਕੇ ਕੁੱਝ ਲੋਕ ਬੌਖਲਾਹਟ ਵਿਚ ਆ ਕੇ ਅਕਾਲੀ ਦਲ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ | ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ ਲਈ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ |