ਕਪੂਰਥਲਾ, 27 ਫਰਵਰੀ (ਅਮਰਜੀਤ ਕੋਮਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੀਆਂ 5 ਪੰਚਾਇਤ ਸੰਮਤੀਆਂ ਕਪੂਰਥਲਾ, ਸੁਲਤਾਨਪੁਰ ਲੋਧੀ, ਫੱਤੂਢੀਂਗਾ, ਨਡਾਲਾ ਤੇ ਫਗਵਾੜਾ ਦੇ ਨਵੇਂ ਚੁਣੇ ਗਏ 88 ਤੇ ਜ਼ਿਲ੍ਹਾ ਪ੍ਰੀਸ਼ਦ ਦੇ 10 ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਇਕ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਵਿਰਸਾ ਵਿਹਾਰ ਵਿਚ ਕਰਵਾਇਆ ਗਿਆ ਜਿਸ ਵਿਚ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਕਪੂਰਥਲਾ ਨੇ ਨਵੇਂ ਚੁਣੇ ਗਏ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅਹੁਦੇ ਪ੍ਰਤੀ ਸੱਚੀ ਸ਼ਰਧਾ, ਭਾਰਤ ਦੀ ਪ੍ਰਭੂਸੱਤਾ ਤੇ ਅਖੰਡਤਾ ਨੂੰ ਕਾਇਮ ਰੱਖਣ, ਬਿਨ੍ਹਾਂ ਕਿਸੇ ਡਰ, ਪੱਖਪਾਤ, ਸੰਦੇਹ ਜਾਂ ਮਾੜੀ ਭਾਵਨਾ, ਭਾਰਤ ਦੇ ਸੰਵਿਧਾਨ ਤੇ ਕਾਨੂੰਨ ਅਨੁਸਾਰ ਨਿਆਂ ਕਰਨ ਦੀ ਸਹੁੰ ਚੁਕਾਈ | ਬਾਅਦ ਵਿਚ ਨਵੇਂ ਚੁਣੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੇ ਮੈਂਬਰ ਲੋਕਤੰਤਰ ਪ੍ਰਣਾਲੀ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਸਮੂਹ ਮੈਂਬਰਾਂ ਨੂੰ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਸਰਕਾਰ ਵਲੋਂ ਪ੍ਰਾਪਤ ਗਰਾਂਟਾਂ ਦੀ ਵਰਤੋਂ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਨੂੰ ਹਰ ਪੱਖ ਤੋਂ ਬਿਹਤਰ ਬਣਾਇਆ ਜਾ ਸਕੇ | ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਨਿਰਪੱਖਤਾ ਨਾਲ ਨਿਭਾਉਣ | ਸਮਾਗਮ ਨੂੰ ਆਮ ਆਦਮੀ ਪਾਰਟੀ ਦੇ ਸੁਲਤਾਨਪੁਰ ਲੋਧੀ ਹਲਕੇ ਦੇ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਕਪੂਰਥਲਾ ਹਲਕੇ ਦੇ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਭੁਲੱਥ ਹਲਕੇ ਦੇ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰਤਾਪ ਸਿੰਘ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਿਤ ਹੋਰ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਵਰਨਣਯੋਗ ਹੈ ਕਿ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਜ਼ਿਲ੍ਹੇ 'ਚ 14 ਦਸੰਬਰ ਨੂੰ ਕਰਵਾਈਆਂ ਗਈਆਂ ਸਨ ਤੇ ਇਨ੍ਹਾਂ ਚੋਣਾਂ ਦਾ ਨਤੀਜਾ 17 ਦਸੰਬਰ ਨੂੰ ਐਲਾਨਿਆ ਗਿਆ ਸੀ ਤੇ ਉਸ ਸਮੇਂ ਤੋਂ ਹੀ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸਹੁੰ ਚੁੱਕਣ ਦੀ ਉਡੀਕ ਕਰ ਰਹੇ ਸਨ |