ਭੁਲੱਥ, 28 ਫਰਵਰੀ (ਮੇਹਰ ਚੰਦ ਸਿੱਧੂ)- ਮਜ਼ਦੂਰ ਜਮਾਤ ਦੇ ਲੋਕਾਂ ਨੂੰ ਲਾਮਬੰਦ ਕਰਕੇ ਪਿੰਡਾਂ ਅੰਦਰ ਬਸਪਾ ਆਗੂਆਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਕੇ ਲੋਕਾਂ ਨੂੰ ਬਸਪਾ ਨਾਲ ਜੋੜਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਇੰਚਾਰਜ ਬਸਪਾ ਜਗਤਾਰ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਅੰਦਰ ਆਮ ਲੋਕਾਂ ਨੂੰ ਜ਼ਿੰਦਗੀ ਬਸਰ ਕਰਨਾ ਔਖਾ ਹੋਇਆ ਪਿਆ ਹੈ, ਕਿਉਂਕਿ ਬੇਰੁਜ਼ਗਾਰੀ, ਭਿ੍ਸ਼ਟਾਚਾਰੀ ਤੇ ਸਰਕਾਰੀ ਦਫ਼ਤਰਾਂ ਅੰਦਰ ਰਿਸ਼ਵਤ ਖੋਰੀ ਵਧ ਰਹੀ ਹੈ, ਪੁਲਿਸ ਥਾਣਿਆਂ ਅੰਦਰ ਕੰਮ ਕਰਾਉਣ ਆਏ ਲੋਕਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ | ਦੂਜੇ ਪਾਸੇ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਗ਼ਰੀਬ ਘਰਾਂ ਦੇ ਲੋਕ ਆਪਣੇ ਬੱਚਿਆਂ ਨੂੰ ਚੰਗੀ ਪੜ੍ਹਾਈ ਨਹੀਂ ਦੇ ਸਕਦੇ ਤੇ ਪਰਿਵਾਰਾਂ ਵਾਸਤੇ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਵੀ ਔਖਾ ਹੋਇਆ ਪਿਆ ਹੈ ਜਿਸ ਕਰਕੇ ਬਸਪਾ ਫਿਰ ਦੁਬਾਰਾ ਪੰਜਾਬ ਅੰਦਰ ਸੱਤਾਧਾਰੀ ਨਿਜ਼ਾਮ ਦੀਆਂ ਗ਼ਲਤ ਨੀਤੀਆਂ ਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਆਮ ਲੋਕਾਂ ਨੂੰ ਇਕੱਠਿਆਂ ਕਰਕੇ ਸੰਘਰਸ਼ ਦਾ ਬਿਗਲ ਵਜਾਵੇਗੀ |