ਸੁਲਤਾਨਪੁਰ ਲੋਧੀ, 28 ਅਪ੍ਰੈਲ (ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਪਿੰਡ ਮੰਡਾਲਾ ਛੰਨਾ ਪਿੰਡ ਦਾ ਦੌਰਾ ਕੀਤਾ ਜਿੱਥੇ 2 ਹਜ਼ਾਰ ਫੁੱਟ ਤੋਂ ਵੱਧ ਥਾਂ ਤੇ ਪੱਥਰ ਲਗਾਇਆ ਗਿਆ ਹੈ | ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ | ਪੰਜਾਂ ਪਿੰਡ ਦੇ ਲੋਕਾਂ ਨੇ ਸੰਤ ਸੀਚੇਵਾਲ ਦਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਸੰਵੇਦਨਸ਼ੀਲ ਹਿੱਸਾ ਪੱਥਰ ਲਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ | ਸੰਤ ਸੀਚੇਵਾਲ ਨੇ ਇਲਾਕੇ ਦੇ ਲੋਕਾਂ ਨੂੰ .ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੁੱਸੀ ਬੰਨ੍ਹ ਤੇ ਸੜਕ ਬਣਾਉਣ ਦ ਨੀਂਹ ਪੱਥਰ ਰੱਖਣ ਲਈ ਆਉਣਗੇ | ਉਹਨਾ ਦੱਸਿਆ ਕਿ ਧੁੱਸੀ ਬੰਨ੍ਹ ਤੇ ਸੜਕ ਬਣਾਉਣ ਲਈ ਉਨ੍ਹਾਂ ਨੇ ਮੰਡੀ ਬੋਰਡ ਦੇ ਸਕੱਤਰ ਨੂੰ ਪੱਤਰ ਲਿਖਿਆ ਹੈ | ਇਹ ਸੜਕ ਤਿੰਨ ਪੜਾਵਾਂ ਵਿਚ ਬਣੇਗੀ | ਨੰਬਰਦਾਰਾਂ ਤੇ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਉਮਰ ਵਿਚ ਬੰਨ੍ਹ ਮਜ਼ਬੂਤ ਕਰਨ ਲਈ ਏਨਾ ਪੱਥਰ ਮੰਡ ਇਲਾਕੇ ਵਿਚ ਪਹਿਲਾ ਕਦੇ ਨਹੀਂ ਸੀ ਪਹੁੰਚਿਆ | ਪਰ ਸੰਤ ਸੀਚੇਵਾਲ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪਹਿਲੀ ਵਾਰ ਇਸ ਇਲਾਕੇ ਵਿਚ ਇੰਨੀ ਵੱਡੀ ਮਾਤਰਾ ਵਿਚ ਪੱਥਰ ਲੱਗ ਰਿਹਾ ਹੈ | ਇਕੱਠੇ ਹੋਏ ਲੋਕਾਂ ਦਾ ਕਹਿਣਾ ਸੀ ਕਿ 2008 ਵਿਚ, ਫਿਰ 2019 ਅਤੇ ਸਾਲ 2023 ਵਿਚ ਆਏ ਹੜ੍ਹਾਂ ਵਿਚ ਸੰਤ ਸੀਚੇਵਾਲ ਨੇ ਉਨ੍ਹਾਂ ਦੀ ਬਾਂਹ ਫੜੀ ਸੀ | ਸਾਲ 2025 ਵਿਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਲੱਗ ਰਹੀ ਜ਼ਬਰਦਸਤ ਢਾਅ ਨੂੰ ਰੋਕਣ ਵਿਚ ਸੰਤ ਸੀਚੇਵਾਲ ਨੇ ਵੱਡੀ ਭੂਮਿਕਾ ਨਿਭਾਈ ਸੀ |