26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਨੂੰ ਰੋਕਣ ਲਈ ਸਰਕਾਰ ਸਖ਼ਤ ਕਦਮ ਚੁੱਕੇ -ਜਥੇਦਾਰ ਖ਼ਾਲਸਾ

ਅਜੀਤ ਡੈਸਕ 01-05-2026
ਸੁਲਤਾਨਪੁਰ ਲੋਧੀ, 30 ਅਪ੍ਰੈਲ (ਪ.ਪ. ਰਾਹੀਂ)-ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਕੋਲੋਂ ਵੱਖ ਵੱਖ ਢੰਗਾਂ ਨਾਲ ਬੇਹਿਸਾਬੀਆਂ ਫ਼ੀਸਾਂ ਵਸੂਲਣ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ ਅਤੇ ਸਰਕਾਰ ਇਸ ਪ੍ਰਤੀ ਗੰਭੀਰ ਨਹੀਂ ਹੈ | ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਮਤਾ ਪਾਸ ਕਰਵਾ ਕੇ ਕਾਨੂੰਨ ਬਣਾਇਆ ਗਿਆ ਸੀ, ਪਰ ਉਸ ਤੋਂ ਬਾਅਦ ਵੀ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਨਹੀਂ ਰੁਕ ਸਕੀਆਂ | ਪ੍ਰਾਈਵੇਟ ਸਕੂਲਾਂ ਵਿਰੁੱਧ ਸਖ਼ਤੀ ਕਰਨੀ ਦੀ ਮੰਗ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾਈ ਆਗੂ ਅਤੇ ਸਿੱਖ ਆਗੂ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਮਾਲਕਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਨੇ ਸਿੱਖਿਆ ਦੇ ਨਾਂ ਤੇ ਬਹੁਤ ਵੱਡੀ ਲੁੱਟ ਮਚਾ ਕੇ ਮਾਪਿਆਂ ਨੂੰ ਲੁੱਟਿਆ ਹੈ | ਉਨ੍ਹਾਂ ਨੇ ਕਿਹਾ ਕਿ ਫ਼ੀਸ ਰੈਗੂਲੇਟਰੀ ਐਕਟ ਤਹਿਤ ਜ਼ਿਲ੍ਹਾ ਕਪੂਰਥਲਾ ਅੰਦਰ ਰੈਗੂਲੇਟਰੀ ਬਾਡੀ ਵੱਲੋਂ ਅਜੇ ਤੱਕ ਕੋਈ ਵੀ ਮੀਟਿੰਗ ਨਹੀਂ ਕੀਤੀ ਗਈ | ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਕਦੇ ਵੀ ਬਰੀਕੀ ਨਾਲ ਆਡਿਟ ਨਹੀਂ ਹੋਇਆ | ਉਨ੍ਹਾਂ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਸਥਿਤ ਕੁੱਝ ਸਕੂਲਾਂ ਵੱਲੋਂ ਸਕਿਉਰਿਟੀ, ਬਿਲਡਿੰਗ, ਬੱਸਾਂ ਵਿਚ ਸੁਰੱਖਿਆ ਦੇਣ ਦੇ ਬਹਾਨੇ ਅਤੇ ਹੋਰ ਵਾਧੂ ਫੰਡ ਲਾ ਕੇ ਭਾਰੀ ਲੁੱਟ ਕੀਤੀ ਜਾ ਰਹੀ ਹੈ, ਜਦਕਿ ਬੱਸਾਂ ਵਿਚ ਨਾ ਤਾਂ ਸਕਿਉਰਿਟੀ ਗਾਰਡ ਹਨ ਅਤੇ ਨਾ ਹੀ ਕੈਮਰੇ ਲਾਏ ਗਏ ਹਨ | ਬਹੁਤੇ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੀ ਹਾਲਤ ਵੀ ਖ਼ਸਤਾ ਹੈ | ਉਨ੍ਹਾਂ ਨੇ ਕਿਹਾ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਵਿਰੁੱਧ ਮਾਪਿਆਂ ਵੱਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਕਾਰਨ ਜਲਦ ਹੀ ਸੁਲਤਾਨਪੁਰ ਲੋਧੀ ਅੰਦਰ ਪ੍ਰਾਈਵੇਟ ਸਕੂਲਾਂ ਦਾ ਘਿਰਾਓ ਕੀਤਾ ਜਾਵੇਗਾ |
ਪਿਛਲੀ ਖ਼ਬਰ ਬੀ.ਕੇ.ਯੂ. ਡੱਲੇਵਾਲ ਦੀ ਟੀਮ ਨੇ ਲਿਆ ਕੱਲ੍ਹ ਦੀ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਆਪਣੇ ਬੱਚਿਆਂ ਨੂੰ ਸੱਭਿਆਚਾਰ ਤੇ ਕਦਰਾਂ ਕੀਮਤਾਂ ਨਾਲ ਜੋੜਣ ਦੀ ਲੋੜ-ਸਾਧਵੀ ਗੌਰੀ ਭਾਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।