ਕਪੂਰਥਲਾ, 17 ਮਈ (ਅਮਰਜੀਤ ਕੋਮਲ)-ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਕੰਮ ਛੋੜ ਹੜਤਾਲ ਦੇ ਅੱਜ 12ਵੇਂ ਦਿਨ ਵਿਚ ਦਾਖਲ ਹੋਣ ਕਾਰਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਲੱਗੇ ਕੂੜੇ ਦੇ ਢੇਰ ਹੁਣ ਸੜਕਾਂ 'ਤੇ ਆ ਰਹੇ ਹਨ ਤੇ ਟਨਾਂ ਦੇ ਹਿਸਾਬ ਨਾਲ ਕੂੜਾ ਸੜਕਾਂ ਕਿਨਾਰਿਆਂ ਖਿੱਲਰਿਆ ਪਿਆ ਹੈ, ਪਰ ਅਜੇ ਤੱਕ ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਸ਼ਹਿਰ ਵਿਚੋਂ ਕੂੜੇ ਦੇ ਢੇਰ ਚੁਕਵਾਉਣ ਵਿਚ ਸਫ਼ਲ ਨਹੀਂ ਹੋ ਸਕਿਆ | ਕੂੜੇ ਦੇ ਢੇਰਾਂ 'ਚੋਂ ਆ ਰਹੀ ਬਦਬੂ ਰਾਹਗੀਰਾਂ ਨੂੰ ਮੁਸ਼ਕਿਲਾਂ ਖੜ੍ਹੀਆਂ ਕਰ ਰਹੀ ਹੈ | ਸ਼ਹਿਰ ਵਿਚ ਇਕ ਥਾਂ 'ਤੇ ਨਹੀਂ ਸਗੋਂ ਦਰਜਨਾਂ ਥਾਵਾਂ 'ਤੇ ਕੂੜੇ ਦੇ ਢੇਰ ਦਿਨ ਬ ਦਿਨ ਵੱਧ ਰਹੇ ਹਨ | ਇਹ ਕੂੜੇ ਦੀ ਸਮੱਸਿਆ ਅੱਜ ਦੀ ਨਹੀਂ, ਪਿਛਲੇ ਕਈ ਵਰਿ੍ਹਆਂ ਤੋਂ ਨਗਰ ਨਿਗਮ ਦੇ ਮੁਲਾਜ਼ਮ ਜਦੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੰਮ ਛੋੜ ਹੜਤਾਲ ਕਰਦੇ ਹਨ ਤਾਂ ਸ਼ਹਿਰ ਵਿਚੋਂ ਕੂੜਾ ਚੁੱਕਣ ਦਾ ਕੰਮ ਬਿਲਕੁੱਲ ਠੱਪ ਹੋ ਕੇ ਰਹਿ ਜਾਂਦਾ ਹੈ ਤੇ ਇਸ ਵਾਰ ਵੀ ਹੜਤਾਲ ਕਰਨ ਤੋਂ ਪਹਿਲਾਂ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਨੂੰ ਅਮਲੀ ਰੂਪ ਦਿੱਤਾ ਜਾਵੇ | ਇਸ ਤੋਂ ਪਹਿਲਾਂ ਐਕਸ਼ਨ ਕਮੇਟੀ ਦੀਆਂ ਪੰਜਾਬ ਦੇ ਵੱਖ-ਵੱਖ ਸਮੇਂ ਰਹੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀਆਂ ਤੇ ਵਿਭਾਗ ਦੇ ਪ੍ਰਮੁੱਖ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਹੋ ਚੁੱਕੀਆਂ ਹਨ | ਇਨ੍ਹਾਂ ਮੀਟਿੰਗਾਂ ਵਿਚ ਕੁੱਝ ਮੰਗਾਂ 'ਤੇ ਸਹਿਮਤੀ ਬਣਨ ਦੇ ਬਾਵਜੂਦ ਵੀ ਸਰਕਾਰ ਵਲੋਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਕਾਰਨ ਨਗਰ ਨਿਗਮ ਦੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇੱਥੇ ਵਰਨਣਯੋਗ ਹੈ ਕਿ ਨਗਰ ਨਿਗਮ ਕਪੂਰਥਲਾ ਦੀ 26 ਮਈ ਨੂੰ ਹੋਣ ਵਾਲੀ ਚੋਣ ਨੂੰ ਮੁੱਖ ਰੱਖਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤਾ ਲਾਗੂ ਕੀਤਾ ਜਾ ਚੁੱਕਾ ਹੈ ਤੇ ਇਸ ਸਮੇਂ ਦੌਰਾਨ ਸਰਕਾਰ ਹੜ੍ਹਤਾਲ 'ਤੇ ਗਏ ਮੁਲਾਜ਼ਮ ਦੀਆਂ ਮੰਗਾਂ ਮੰਨਣ ਸਬੰਧੀ ਕੋਈ ਐਲਾਨ ਨਹੀਂ ਕਰ ਸਕਦੀ | ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਕੋਈ ਲਿਖਤੀ ਭਰੋਸਾ ਦੇਵੇ ਤਦ ਉਹ ਆਪਣੀ ਹੜਤਾਲ ਮੁਲਤਵੀ ਕਰ ਸਕਦੇ ਹਨ, ਜਦਕਿ ਸਰਕਾਰ ਵਲੋਂ ਇਸ ਹਾਲਾਤ ਵਿਚ ਉਨ੍ਹਾਂ ਨੂੰ ਕੋਈ ਵੀ ਲਿਖਤੀ ਭਰੋਸਾ ਦੇਣ ਤੋਂ ਇਨਕਾਰੀ ਹੋਣ ਕਾਰਨ ਹੜਤਾਲ ਅਜੇ ਵੀ ਨਿਰੰਤਰ ਜਾਰੀ ਹੈ | ਜ਼ਿਲ੍ਹੇ ਵਿਚ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਕੰਮ ਛੋੜ ਹੜਤਾਲ ਕਾਰਨ ਸ਼ਹਿਰਾਂ ਵਿਚ ਵੱਧ ਰਹੇ ਕੂੜੇ ਦੇ ਢੇਰਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ, ਐਸ.ਐਸ.ਪੀ. ਗੌਰਵ ਤੂਰਾ ਤੇ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਵਲੋਂ ਜ਼ਿਲ੍ਹੇ ਵਿਚ ਪੈਂਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਹੜਤਾਲ 'ਤੇ ਬੈਠੇ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਲਗਭਗ 2 ਘੰਟੇ ਮੀਟਿੰਗ ਕੀਤੀ ਤੇ ਮੀਟਿੰਗ ਵਿਚ ਅਧਿਕਾਰੀਆਂ ਨੇ ਮੁਲਾਜ਼ਮ ਆਗੂਆਂ ਨੂੰ ਕਿਹਾ ਕਿ ਉਹ ਹੜਤਾਲ ਖ਼ਤਮ ਕਰ ਦੇਣ | ਸਰਕਾਰ ਚੋਣ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਹੱਲ ਕਰਨ ਲਈ ਠੋਸ ਕਦਮ ਚੁੱਕੇਗੀ | ਪਤਾ ਲੱਗਾ ਹੈ ਕਿ ਮੀਟਿੰਗ ਵਿਚ ਮੁਲਾਜ਼ਮਾਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀ ਹੜਤਾਲ ਖ਼ਤਮ ਕਰਵਾਉਣ ਲਈ ਇੰਨੀ ਹੀ ਗੰਭੀਰ ਹੈ ਤਾਂ ਪ੍ਰਸ਼ਾਸਨ ਵਲੋਂ ਹੜਤਾਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਸਬੰਧੀ ਉਨ੍ਹਾਂ ਨੂੰ ਕੋਈ ਲਿਖਤੀ ਭਰੋਸਾ ਦਿੱਤਾ ਜਾਵੇ, ਪਰ ਪ੍ਰਸ਼ਾਸਨਿਕ ਅਧਿਕਾਰੀ ਆਪਣੇ ਤੌਰ 'ਤੇ ਅਜਿਹਾ ਕੁੱਝ ਵੀ ਕਰਨ ਦੇ ਸਮਰੱਥ ਨਾ ਹੋਣ ਕਾਰਨ ਨਗਰ ਨਿਗਮ ਦੇ ਮੁਲਾਜ਼ਮ ਆਪਣੀ ਹੜਤਾਲ ਨਿਰੰਤਰ ਜਾਰੀ ਰੱਖਣ ਲਈ ਬਜਿੱਦ ਹਨ, ਕਿਉਂਕਿ 12 ਦਿਨ ਹੜਤਾਲ ਕਰਨ ਦੇ ਬਾਵਜੂਦ ਵੀ ਉਨ੍ਹਾਂ ਦੇ ਪੱਲੇ ਕੁੱਝ ਵੀ ਨਹੀਂ ਪੈ ਰਿਹਾ | ਇਸੇ ਦੌਰਾਨ ਹੀ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਇਕ ਆਗੂ ਨੇ 'ਅਜੀਤ' ਨੂੰ ਦੱਸਿਆ ਕਿ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ 18 ਮਈ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਚੰਡੀਗੜ੍ਹ ਵਿਚ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੀ ਇਕ ਮੀਟਿੰਗ ਬੁਲਾਈ ਹੈ | ਉਨ੍ਹਾਂ ਕਿਹਾ ਕਿ ਜੇਕਰ ਇਸ ਮੀਟਿੰਗ ਵਿਚ ਹੜਤਾਲੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਢੁਕਵਾਂ ਹੱਲ ਨਾ ਹੋਇਆ ਤਾਂ ਹੜਤਾਲ ਨਿਰੰਤਰ ਜਾਰੀ ਰੱਖੀ ਜਾਵੇਗੀ |