ਕਪੂਰਥਲਾ, 17 ਮਈ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਸੀ.ਬੀ.ਐਸ.ਈ. ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹੇ ਵਿਚੋਂ ਟਾਪਰ ਰਹੇ ਵਿਦਿਆਰਥੀਆਂ ਦੇ ਸਨਮਾਨ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਮਰਸ ਗਰੁੱਪ ਦੀ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਹੀ ਵਿਦਿਆਰਥਣ ਸਚਨੀਤ ਕੌਰ, ਦੂਜੇ ਸਥਾਨ 'ਤੇ ਰਹੀ ਆਂਚਲ ਬਾਵਾ ਤੇ ਤੀਜੇ ਸਥਾਨ 'ਤੇ ਰਹੀ ਵਿਦਿਆਰਥਣ ਬਿਪਨਜੀਤ ਕੌਰ ਤੋਂ ਇਲਾਵਾ 90 ਪ੍ਰਤੀਸ਼ਤ ਤੋਂ ਵੱਧ ਵੱਖ-ਵੱਖ ਵਿਸ਼ਿਆਂ ਵਿਚੋਂ 100 ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਵਲੋਂ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾਂ ਸਕੂਲ ਦੇ ਸ਼ਾਨਦਾਰ ਨਤੀਜੇ ਦੀ ਖ਼ੁਸ਼ੀ ਵਿਚ ਕੇਕ ਕੱਟਿਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਸਕੂਲ ਦੀ ਪ੍ਰਬੰਧਕ ਕਮੇਟੀ, ਪਿ੍ੰਸੀਪਲ ਤੇ ਉਨ੍ਹਾਂ ਦੇ ਅਧਿਆਪਕਾਂ ਦਾ ਤਹਿਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਸਕੂਲ ਦੇ ਵਿਦਿਆਰਥੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਨ ਵਿਚ ਸਫ਼ਲ ਰਹੇ | ਇਸੇ ਦੌਰਾਨ ਹੀ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਅੱਵਲ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਕੇ ਹੋਰ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਬੱਚਿਆਂ ਦੇ ਮਾਪਿਆਂ ਦਾ ਵੀ ਸ਼ੁਕਰੀਆ ਅਦਾ ਕੀਤਾ |