07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਐਂਟੀ ਡਰੱਗ ਕਲੱਬ ਦੁਆਬਾ ਦੀ ਟੀਮ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 19-05-2026
ਸੁਲਤਾਨਪੁਰ ਲੋਧੀ, 18 ਮਈ (ਥਿੰਦ)-ਪੰਜਾਬ ਦੇ ਨੌਜਵਾਨਾਂ ਨੂੰ ਸਿੰਥੈਟਿਕ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਕਰਨ ਲਈ ਯਤਨਸ਼ੀਲ ਐਂਟੀ ਡਰੱਗ ਕਲੱਬ ਦੁਆਬਾ ਦੀ ਟੀਮ ਵੱਲੋਂ ਚੇਅਰਮੈਨ ਗਗਨਦੀਪ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਐਂਟੀ ਡਰੱਗ ਕਲੱਬ ਦੁਆਬਾ ਦੀ ਟੀਮ ਨੇ ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਕਲੱਬ ਵੱਲੋਂ ਸੂਬੇ ਭਰ ਦੇ ਸਕੂਲਾਂ, ਕਾਲਜਾਂ ਤੇ ਜਨਤਕ ਥਾਵਾਂ ਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਪੰਜਾਬ ਦੇ ਨੌਜਵਾਨ ਸੁਚੇਤ ਹੋ ਰਹੇ ਹਨ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਉਹ ਗ਼ਲਤ ਤਾਕਤਾਂ ਦੇ ਹੱਥੀਂ ਚੜ੍ਹ ਕੇ ਆਪਣੀ ਜਵਾਨੀ, ਘਰ ਅਤੇ ਆਪਣੇ ਵਤਨ ਦਾ ਨੁਕਸਾਨ ਕੀਤਾ ਹੈ | ਚੇਅਰਮੈਨ ਗਗਨਦੀਪ ਸਿੰਘ ਨੇ ਸਪੀਕਰ ਸੰਧਵਾਂ ਨੂੰ ਦੱਸਿਆ ਕਿ ਕਲੱਬ ਦੀਆਂ ਵੱਖ ਵੱਖ ਟੀਮਾਂ ਵੱਲੋਂ ਨੌਜਵਾਨਾਂ ਨੂੰ ਸਕੂਲਾਂ, ਕਾਲਜਾਂ ਵਿਚ ਸੈਮੀਨਾਰ ਲਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਪੰਜਾਬੀਆਂ ਦੇ ਸ਼ਾਨਾਮੱਤੇ ਇਤਿਹਾਸ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਕੁਝ ਪੰਜਾਬ ਵਿਰੋਧੀਆਂ ਨੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਵਾਲੇ ਪਾਸੇ ਲਾਇਆ ਸੀ ਪਰ ਹੁਣ ਪੰਜਾਬ ਦੇ ਨੌਜਵਾਨ ਉਨ੍ਹਾਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ | ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਂਟੀ ਡਰੱਗ ਕਲੱਬ ਦੁਆਬਾ ਦੀ ਟੀਮ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਨਿਰੰਤਰ ਕੋਸ਼ਿਸ਼ ਕਰ ਰਹੀ ਹੈ | ਸਰਕਾਰ ਦੇ ਯਤਨਾਂ ਸਦਕਾ ਵੱਡੀ ਗਿਣਤੀ ਨੌਜਵਾਨਾਂ ਨੇ ਨਸ਼ਿਆਂ ਤੋਂ ਤੌਬਾ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸਪਸ਼ਟ ਐਲਾਨ ਹੈ ਕਿ ਸੂਬੇ ਵਿਚ ਨਸ਼ਿਆਂ ਦਾ ਕਾਰੋਬਾਰ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਕੁਝ ਸਿਆਸੀ ਲੋਕਾਂ ਨੇ ਵੀ ਸਾਡੇ ਸੂਬੇ ਨੂੰ ਆਪਣੇ ਨਿੱਜੀ ਹਿੱਤਾਂ ਦੀ ਖ਼ਾਤਰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਬਹਾਦਰ ਪੰਜਾਬੀਆਂ ਨੇ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ | ਇਸ ਮੌਕੇ ਭੁਪਿੰਦਰ ਸਿੰਘ ਜੀ, ਰਣਜੋਧ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਦਫ਼ਤਰ ਦਾ ਜਥੇਦਾਰ ਜਰਨੈਲ ਸਿੰਘ ਵਾਹਦ ਵਲੋਂ ਉਦਘਾਟਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਿੰਡ ਭਗਵਾਨਪੁਰ ਇਕਾਈ ਤੇ ਫਤਿਹਪੁਰ ਇਕਾਈ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।