ਫਗਵਾੜਾ, 19 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਨਗਰ ਨਿਗਮ ਫਗਵਾੜਾ ਦੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਕਾਫ਼ੀ ਦਿਨਾਂ ਤੋਂ ਅਣਮਿਥੇ ਸਮੇਂ ਲਈ ਕੀਤੀ ਹੜਤਾਲ ਦਾ ਅਸਰ ਹੁਣ ਸ਼ਹਿਰ ਦੀਆਂ ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਸਾਫ਼ ਤੌਰ 'ਤੇ ਵੇਖਣ ਨੂੰ ਮਿਲ ਰਿਹਾ ਹੈ | ਸ਼ਹਿਰ ਦੇ ਕਈ ਮੁੱਖ ਚੌਕਾਂ, ਬਾਜ਼ਾਰਾਂ, ਗਲੀਆਂ ਅਤੇ ਕਾਲੋਨੀਆਂ ਵਿਚ ਥਾਂ-ਥਾਂ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਦੇ ਗੁਰੂ ਹਰਕ੍ਰਿਸ਼ਨ ਨਗਰ, ਪੁਰਾਣਾ ਡਾਕਖ਼ਾਨਾ ਰੋਡ, ਜੀ.ਟੀ. ਰੋਡ, ਹੁਸ਼ਿਆਰਪੁਰ ਰੋਡ ਨੇੜੇ ਵੈਟਰਨਰੀ ਹਸਪਤਾਲ ਦੇ ਆਲੇ-ਦੁਆਲੇ, ਸਬਜ਼ੀ ਮੰਡੀ ਦੇ ਨੇੜਲੇ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗਣ ਕਾਰਨ ਮਾਹੌਲ ਬਦਬੂਦਾਰ ਬਣ ਗਿਆ ਹੈ | ਗਰਮੀ ਦੇ ਮੌਸਮ ਵਿਚ ਗੰਦਗੀ ਕਾਰਨ ਮੱਛਰਾਂ ਅਤੇ ਮੱਖੀਆਂ ਦੀ ਭਰਮਾਰ ਹੋ ਗਈ ਹੈ, ਜਿਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਹੈ | ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਖਿਲਾਫ ਗਹਿਰੀ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਵੱਡੇ-ਵੱਡੇ ਵਿਕਾਸ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਚੁੱਕੀ ਹੈ | ਲੋਕਾਂ ਦਾ ਕਹਿਣਾ ਹੈ ਕਿ ਹੜਤਾਲ ਨੂੰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੋਈ ਢੰਗ ਦਾ ਹੱਲ ਨਹੀਂ ਕੱਢਿਆ ਗਿਆ, ਜਿਸ ਕਾਰਨ ਆਮ ਜਨਤਾ ਨੂੰ ਗੰਦਗੀ ਵਿਚਕਾਰ ਜੀਵਨ ਬਤੀਤ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਗੰਦਗੀ ਦੇ ਵਿਚ ਬੇਸਹਾਰਾ ਪਸ਼ੂ ਮੂੰਹ ਮਾਰਦੇ ਹਨ ਅਤੇ ਕੂੜਾ ਸੜਕਾਂ ਤੇ ਖਿਲੇਰਦੇ ਹਨ | ਦੁਕਾਨਦਾਰਾਂ ਅਤੇ ਵਪਾਰੀਆਂ ਨੇ ਕਿਹਾ ਕਿ ਗੰਦਗੀ ਦੇ ਢੇਰਾਂ ਅਤੇ ਬਦਬੂ ਕਾਰਨ ਗਾਹਕ ਵੀ ਬਾਜ਼ਾਰਾਂ ਵੱਲ ਆਉਣ ਤੋਂ ਕਤਰਾ ਰਹੇ ਹਨ, ਜਿਸ ਨਾਲ ਕਾਰੋਬਾਰ 'ਤੇ ਵੀ ਨਕਾਰਾਤਮਕ ਅਸਰ ਪੈ ਰਿਹਾ ਹੈ | ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੇ ਵੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੇਕਰ ਜਲਦ ਹੜਤਾਲ ਦਾ ਹੱਲ ਨਾ ਕੀਤਾ ਗਿਆ ਤਾਂ ਸ਼ਹਿਰ ਵਿਚ ਸਿਹਤ ਸੰਕਟ ਪੈਦਾ ਹੋ ਸਕਦਾ ਹੈ | ਦੂਸਰੇ ਪਾਸੇ ਸਫ਼ਾਈ ਸੇਵਕਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਜਦ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਤਦ ਤੱਕ ਹੜਤਾਲ ਜਾਰੀ ਰਹੇਗੀ | ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਨੂੰ 'ਕੁੰਭਕਰਨੀ ਨੀਂਦ' ਤੋਂ ਜਾਗਣ ਦੀ ਅਪੀਲ ਕਰਦਿਆਂ ਤੁਰੰਤ ਸਫ਼ਾਈ ਸੇਵਕਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਮੁੜ ਪਟੜੀ 'ਤੇ ਲਿਆਉਣ ਦੀ ਮੰਗ ਕੀਤੀ ਹੈ |