ਕਪੂਰਥਲਾ, 19 ਮਈ (ਅਮਰਜੀਤ ਸਿੰਘ ਸਡਾਨਾ)-ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪੁਲਿਸ ਟੀਮਾਂ ਵਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਨਾਕਾਬੰਦੀ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਮੁਹਿੰਮ ਤਹਿਤ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਤੇ ਮਾਲ ਰੋਡ ਵਿਖੇ ਮੁੱਖ ਡਾਕ ਘਰ ਦੇ ਬਾਹਰ ਐਸ.ਪੀ. ਹੈੱਡ ਕਵਾਟਰ ਗੁਰਪ੍ਰੀਤ ਸਿੰਘ ਤੇ ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਦੀ ਅਗਵਾਈ ਹੇਠ ਨਾਕਾਬੰਦੀ ਕੀਤੀ ਗਈ | ਇਸ ਮੌਕੇ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ ਤੇ ਪੀ.ਸੀ.ਆਰ. ਟੀਮਾਂ ਵਲੋਂ ਜਿੱਥੇ ਵੱਡੀ ਗਿਣਤੀ ਵਿਚ ਵਾਹਨਾਂ ਦੀ ਜਾਂਚ ਕੀਤੀ ਗਈ, ਉੱਥੇ ਨਾਲ ਹੀ ਕੁੱਝ ਸ਼ੱਕੀ ਕਿਸਮ ਦੇ ਵਿਅਕਤੀਆਂ ਪਾਸੋਂ ਪੁੱਛਗਿੱਛ ਵੀ ਕੀਤੀ ਗਈ | ਐਸ.ਪੀ. ਹੈੱਡ ਕਵਾਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਨਾਕਾਬੰਦੀ ਤੇ ਜਾਂਚ ਮੁਹਿੰਮ ਆਉਂਦੇ ਦਿਨਾਂ ਦੌਰਾਨ ਹੋ ਤੇਜ ਕੀਤੀ ਜਾਵੇਗੀ ਤੇ ਨਗਰ ਨਿਗਮ ਚੋਣਾਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਅਮਨ ਕਾਨੂੰਨ ਭੰਗ ਨਹੀਂ ਕਰਨ ਦਿੱਤਾ ਜਾਵੇਗਾ | ਐਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਲਾਇਸੈਂਸੀ ਹਥਿਆਰਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਇਕ ਕਮੇਟੀ ਵੀ ਬਣਾਈ ਗਈ ਹੈ, ਜਿਸ ਤਹਿਤ ਲਾਇਸੈਂਸੀ ਹਥਿਆਰ ਪ੍ਰਾਪਤ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਜਾਵੇਗੀ ਤੇ ਕੋਈ ਵੀ ਸ਼ੱਕੀ ਪਾਏ ਜਾਣ 'ਤੇ ਸਬੰਧਿਤ ਵਿਅਕਤੀਆਂ ਦੇ ਹਥਿਆਰ ਚੋਣਾਂ ਤੋਂ ਪਹਿਲਾਂ ਹੀ ਜਮ੍ਹਾ ਕਰਵਾਏ ਜਾਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਵਾਲੇ ਦਿਨ ਬਿਨ੍ਹਾਂ ਕਿਸੇ ਡਰ ਭੈਅ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ |