ਡਡਵਿੰਡੀ, 4 ਜੂਨ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਰਾਮਪੁਰ ਜਗੀਰ ਵਿਖੇ ਸਥਿਤ ਮੈਥਾ ਪਲਾਂਟ ਤੋਂ ਨਿਕਲਣ ਵਾਲੇ ਪਾਣੀ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦਾ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ | ਪਿੰਡ ਦੀ ਗ੍ਰਾਮ ਪੰਚਾਇਤ ਦੇ ਅਹੁਦੇਦਾਰਾਂ ਅਤੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਹੈ ਕਿ ਉਕਤ ਪਲਾਂਟ ਵੱਲੋਂ ਕਥਿਤ ਤੌਰ 'ਤੇ ਬਿਨਾਂ ਕਿਸੇ ਮਨਜ਼ੂਰੀ ਅਤੇ ਅਣਅਧਿਕਾਰਤ ਤਰੀਕੇ ਨਾਲ ਕੈਮੀਕਲ ਯੁਕਤ ਪਾਣੀ ਪੰਚਾਇਤੀ ਛੱਪੜ ਵਿਚ ਪਾਇਆ ਜਾ ਰਿਹਾ ਹੈ, ਜਿਸ ਕਾਰਨ ਵਾਤਾਵਰਣ, ਲੋਕਾਂ ਦੀ ਸਿਹਤ ਅਤੇ ਖੇਤੀਬਾੜੀ ਨੂੰ ਨੁਕਸਾਨ ਪਹੁੰਚ ਰਿਹਾ ਹੈ | ਇਸ ਸਬੰਧੀ ਗ੍ਰਾਮ ਪੰਚਾਇਤ ਵੱਲੋਂ ਐੱਸ.ਡੀ.ਐੱਮ. ਸੁਲਤਾਨਪੁਰ ਲੋਧੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਮਾਮਲੇ ਦੀ ਜਾਂਚ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ ਹੈ | ਪਿੰਡ ਦੇ ਸਰਪੰਚ ਅਜੈਬ ਸਿੰਘ ਅਤੇ ਪੰਚ ਪਿ੍ਤਪਾਲ ਸਿੰਘ ਕਿਹਾ ਕਿ ਜਿਸ ਛੱਪੜ ਵਿਚ ਇਹ ਪਾਣੀ ਪਾਇਆ ਜਾ ਰਿਹਾ ਹੈ, ਉਸ ਦੇ ਬਿਲਕੁਲ ਨਾਲ ਸਰਕਾਰੀ ਸਕੂਲ ਸਥਿਤ ਹੈ | ਛੱਪੜ ਵਿਚੋਂ ਉੱਠਣ ਵਾਲੀ ਤਿੱਖੀ ਦੁਰਗੰਧ ਕਾਰਨ ਸਕੂਲ ਵਿਚ ਪੜ੍ਹਦੇ ਬੱਚਿਆਂ ਦਾ ਉੱਥੇ ਬੈਠਣਾ ਵੀ ਮੁਸ਼ਕਲ ਹੋ ਜਾਂਦਾ ਹੈ | ਪਿੰਡ ਵਾਸੀਆਂ ਅਨੁਸਾਰ ਗਰਮੀਆਂ ਦੇ ਮੌਸਮ ਦੌਰਾਨ ਹਾਲਾਤ ਹੋਰ ਵੀ ਬਦਤਰ ਹੋ ਜਾਂਦੇ ਹਨ ਅਤੇ ਸਾਰਾ ਦਿਨ ਬਦਬੂ ਦਾ ਮਾਹੌਲ ਬਣਿਆ ਰਹਿੰਦਾ ਹੈ | ਉਨ੍ਹਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਛੱਪੜ ਦੇ ਨਜ਼ਦੀਕ ਹੀ ਪਾਣੀ ਦੀ ਟੈਂਕੀ ਅਤੇ ਸਰਕਾਰੀ ਟਿਊਬਵੈੱਲ ਮੌਜੂਦ ਹੈ | ਉਨ੍ਹਾਂ ਦਾ ਦੋਸ਼ ਹੈ ਕਿ ਛੱਪੜ ਵਿਚ ਇਕੱਠਾ ਹੋ ਰਿਹਾ ਗੰਦਲਾ ਪਾਣੀ ਜ਼ਮੀਨ ਹੇਠਲੇ ਪਾਣੀ ਨੂੰ ਪ੍ਰਭਾਵਿਤ ਕਰ ਰਿਹਾ ਹੈ, ਜਿਸ ਕਾਰਨ ਪੀਣ ਵਾਲੇ ਪਾਣੀ ਦੀ ਗੁਣਵੱਤਾ 'ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ | ਲੋਕਾਂ ਨੇ ਮੰਗ ਕੀਤੀ ਕਿ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਵਾ ਕੇ ਅਸਲ ਸਥਿਤੀ ਲੋਕਾਂ ਸਾਹਮਣੇ ਰੱਖੀ ਜਾਵੇ | ਕਿਸਾਨਾਂ ਨੇ ਵੀ ਆਪਣੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਜਦੋਂ ਵੀ ਛੱਪੜ ਓਵਰਫ਼ਲੋ ਹੁੰਦਾ ਹੈ ਤਾਂ ਇਹ ਪਾਣੀ ਖੇਤਾਂ ਵਿਚ ਦਾਖਲ ਹੋ ਜਾਂਦਾ ਹੈ, ਜਿਸ ਨਾਲ ਫ਼ਸਲਾਂ ਨੂੰ ਨੁਕਸਾਨ ਪਹੁੰਚਦਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਤੇਲ ਯੁਕਤ ਪਾਣੀ ਕਾਰਨ ਫ਼ਸਲ ਪ੍ਰਭਾਵਿਤ ਹੁੰਦੀ ਹੈ ਅਤੇ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ | ਸਰਪੰਚ ਅਜੈਬ ਸਿੰਘ ਨੇ ਕਿਹਾ ਕਿ ਪੰਚਾਇਤ ਵੱਲੋਂ ਇਸ ਮਾਮਲੇ ਨੂੰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਗਿਆ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਵੱਲੋਂ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਪੰਚਾਇਤ ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਦਾ ਦਰਵਾਜ਼ਾ ਖੜਕਾਏਗੀ | ਇਸ ਮੌਕੇ ਸਰਪੰਚ ਅਜਾਇਬ ਸਿੰਘ, ਪ੍ਰੀਤਪਾਲ ਸਿੰਘ ਮੋਮੀ, ਬਲਜੀਤ ਸਿੰਘ ਥਿੰਦ, ਹਰਪ੍ਰੀਤ ਕੌਰ, ਤਰਸੇਮ ਸਿੰਘ ਮੋਮੀ, ਬਲਬੀਰ ਸਿੰਘ, ਇੰਦਰਜੀਤ ਸਿੰਘ, ਹਰਮਿੰਦਰ ਸਿੰਘ, ਰਾਜਾ ਪ੍ਰੀਤ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਮਨਦੀਪ ਸਿੰਘ, ਨਵਜੀਤ ਸਿੰਘ, ਮੇਹਰ ਸਿੰਘ, ਅਤਿੰਦਰਪਾਲ ਸਿੰਘ, ਰਣਜੀਤ ਸਿੰਘ ਸੈਂਹਬੀ ਆਦਿ ਹਾਜ਼ਰ ਸਨ | ਦੂਜੇ ਪਾਸੇ ਮੈਥਾ ਪਲਾਂਟ ਦੇ ਮਾਲਕ ਤਜਿੰਦਰ ਸਿੰਘ ਨੇ ਪੰਚਾਇਤ ਵੱਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਤੇ ਝੂਠੇ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਲਾਂਟ ਪਿਛਲੇ ਕਰੀਬ 20 ਸਾਲਾਂ ਤੋਂ ਚੱਲ ਰਿਹਾ ਹੈ ਅਤੇ ਅੱਜ ਤੱਕ ਇਸ ਨਾਲ ਸੰਬੰਧਿਤ ਕੋਈ ਵੀ ਘਟਨਾ ਸਾਹਮਣੇ ਨਹੀਂ ਆਈ | ਉਨ੍ਹਾਂ ਦਾ ਕਹਿਣਾ ਹੈ ਕਿ ਪਲਾਂਟ ਤੋਂ ਨਿਕਲਣ ਵਾਲੇ ਪਾਣੀ ਵਿਚ ਕੋਈ ਜ਼ਹਿਰੀਲਾ ਜਾਂ ਹਾਨੀਕਾਰਕ ਤੱਤ ਨਹੀਂ ਹੁੰਦਾ | ਇਹ ਪਾਣੀ ਛੱਪੜ ਵਿਚ ਸਟੋਰ ਕੀਤਾ ਜਾਂਦਾ ਹੈ ਅਤੇ ਬਾਅਦ ਵਿਚ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਅਸੀਂ ਖ਼ੁਦ ਵੀ ਇਹ ਪਾਣੀ ਆਪਣੇ ਖੇਤਾਂ ਨੂੰ ਲਾਉਂਦੇ ਹਾਂ ਅਤੇ ਇਸ ਨਾਲ ਕੋਈ ਨੁਕਸਾਨ ਨਹੀਂ ਹੁੰਦਾ | ਉਨ੍ਹਾਂ ਕਿਹਾ ਕਿ ਅਸੀਂ ਸਰਪੰਚ ਨੂੰ ਵੋਟਾਂ ਨਹੀਂ ਪਾਈਆਂ, ਜਿਸ ਕਰਕੇ ਸਿਆਸੀ ਰੰਜਿਸ਼ ਤਹਿਤ ਪਲਾਂਟ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਹੁਣ ਸਭ ਦੀਆਂ ਨਜ਼ਰਾਂ ਪ੍ਰਸ਼ਾਸਨਿਕ ਜਾਂਚ 'ਤੇ ਟਿਕੀਆਂ ਹੋਈਆਂ ਹਨ, ਜਿਸ ਤੋਂ ਬਾਅਦ ਹੀ ਅਸਲ ਸਥਿਤੀ ਸਪਸ਼ਟ ਹੋ ਸਕੇਗੀ |