ਫਗਵਾੜਾ, 9 ਜੂਨ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਲੋਕਾਂ ਦੇ ਬਕਾਇਆ ਕੰਮਾਂ ਨੂੰ ਤੁਰੰਤ ਨਿਪਟਾਰਾ ਕੀਤਾ ਜਾਵੇ ਤੇ ਜਿੱਥੇ ਵੀ ਕਮੀਆਂ ਸਾਹਮਣੇ ਆਉਂਦੀਆਂ ਹਨ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ | ਅੱਜ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲੈਣ, ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਲਗਾਉਣ ਲਈ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦੀ ਮੌਜੂਦਗੀ 'ਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਅੱਜ ਇੱਥੇ ਨਗਰ ਨਿਗਮ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਚੱਬੇਵਾਲ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਲਈ ਕਿਹਾ ਤਾਂ ਜੋ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਸਾਫ਼ ਦਿਖਾਈ ਦੇਣ | ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ਲਈ ਕਰੀਬ 20 ਕਰੋੜ ਰੁਪਏ ਦੇ ਫ਼ੰਡ ਉਪਲਬਧ ਹਨ, ਜਿਨ੍ਹਾਂ ਨੂੰ ਜਲਦ ਹੀ ਚੰਗੇ ਢੰਗ ਨਾਲ ਖ਼ਰਚ ਕੇ ਜਨਤਾ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ | ਰਿਵਿਊ ਦੌਰਾਨ ਕਈ ਵਿਭਾਗਾਂ ਦੇ ਕੰਮਾਂ 'ਚ ਖ਼ਾਮੀਆਂ ਪਾਈਆ ਗਈਆਂ | ਉਨ੍ਹਾਂ ਤੁਰੰਤ ਅਧਿਕਾਰੀਆਂ ਨੂੰ ਦੋ ਹਫ਼ਤਿਆਂ ਦੇ ਅੰਦਰ ਅੰਦਰ ਇਨ੍ਹਾਂ ਕਮੀਆਂ ਨੂੰ ਦੂਰ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਦੋ ਹਫ਼ਤਿਆਂ ਬਾਅਦ ਦੁਆਰਾ ਰਿਵਿਊ ਮੀਟਿੰਗ ਕੀਤੀ ਜਾਵੇਗੀ | ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸ਼ਹਿਰ ਅੰਦਰ ਸੀਵਰੇਜ ਸਬੰਧੀ ਕੋਈ ਸਮੱਸਿਆ ਪੇਸ਼ ਨਹੀਂ ਆਉਣੀ ਚਾਹੀਦੀ ਤੇ ਸਾਫ਼ ਸਫ਼ਾਈ ਵਿਵਸਥਾ ਨੂੰ ਹਰ ਹਾਲ 'ਚ ਸੁਧਾਰ ਕੇ ਫਗਵਾੜਾ ਸ਼ਹਿਰ ਨੂੰ ਪੂਰੀ ਤਰ੍ਹਾਂ 'ਡੰਪ ਮੁਕਤ' ਬਣਾਇਆ ਜਾਵੇ, ਭਾਵੇਂ ਇਸ ਮਕਸਦ ਲਈ ਜ਼ਮੀਨ ਐਕੁਆਇਰ ਕਰਨੀ ਪਵੇ ਜਾਂ ਕੋਈ ਹੋਰ ਵੱਡਾ ਕਦਮ ਚੁੱਕਣਾ ਪਵੇ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਲਈ ਡਿਪਟੀ ਮੇਅਰ ਅਤੇ ਪਿੰਡਾਂ ਵਿਚ ਬੀ.ਡੀ.ਪੀ.ਓਜ਼. ਨੂੰ ਮੁਸਤੈਦ ਕੀਤਾ ਜਾਵੇ | ਸੜਕਾਂ ਦੇ ਨਿਰਮਾਣ ਸਬੰਧੀ ਉਨ੍ਹਾਂ ਕਿਹਾ ਕਿ ਬਰਸਾਤਾਂ ਤੋਂ ਬਾਅਦ ਸਤੰਬਰ ਮਹੀਨੇ 'ਚ ਲੁੱਕ ਪਾਉਣ ਦਾ ਕੰਮ ਹਰ ਹਾਲ ਵਿਚ ਸ਼ੁਰੂ ਕੀਤਾ ਜਾਵੇ ਤੇ ਪੁਲਿਸ ਪ੍ਰਸ਼ਾਸਨ ਜਨਤਾ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਏ | ਇਸ ਮੌਕੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐਸ.ਐਸ.ਪੀ. ਗੌਰਵ ਤੂਰਾ, ਐਸ.ਪੀ. ਮਾਧਵੀ ਸ਼ਰਮਾ, ਡੀ.ਐਸ.ਪੀ. ਪਲਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ, ਮੇਅਰ ਰਾਮਪਾਲ ਉੱਪਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਜਰਨੈਲ ਨੰਗਲ ਚੇਅਰਮੈਨ ਮਾਰਕੀਟ ਕਮੇਟੀ, ਤਵਿੰਦਰ ਰਾਮ ਤੇ ਹੋਰ ਹਾਜ਼ਰ ਸਨ |