ਫਗਵਾੜਾ, 13 ਜੂਨ (ਹਰਜੋਤ ਸਿੰਘ ਚਾਨਾ)- ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ‘ਮਹਿਲਾ ਸਤਿਕਾਰ ਸਖੀਆ’ ਨੂੰ ਅਪੀਲ ਕੀਤੀ ਹੈ ਕਿ ਉਹ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਤੇਜ਼ ਕਰਨ ਤਾਂ ਜੋ 1 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਸਕੀਮ ਦਾ ਲਾਭ ਹਰ ਯੋਗ ਲਾਭਪਾਤਰੀ ਨੂੰ ਮਿਲ ਸਕੇ | ਉਨ੍ਹਾਂ ਅੱਜ ਇੱਥੇ ਸਤਿਕਾਰ ਸਖੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਘਰ ਘਰ ਜਾ ਕੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਯੋਜਨਾ ਅਧੀਨ ਹਰ ਯੋਗ ਮਹਿਲਾ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਦਕਿ ਅਨੁਸੂਚਿਤ ਜਾਤੀ ਨਾਲ ਸਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਨਾਲ ਕੀਤੇ ਇਸ ਅਹਿਮ ਵਾਅਦੇ ਨੂੰ ਪੂਰਾ ਕਰਕੇ ਮਹਿਲਾਵਾਂ ਦਾ ਮਾਣ ਵਧਾਇਆ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਫਗਵਾੜਾ ‘ਚ ਯੋਗ ਲਾਭਪਾਤਰੀਆਂ ਦੇ ਖਾਤਿਆਂ ‘ਚ ਹਰ ਮਹੀਨੇ ਕਰੀਬ 12 ਕਰੋੜ ਰੁਪਏ ਦੀ ਰਕਮ ਸਿੱਧੀ ਟਰਾਂਸਫ਼ਰ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਵੱਲ ਇਕ ਇਤਿਹਾਸਕ ਕਦਮ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਫ਼ੈਸਲੇ ਕਰ ਰਹੀ ਹੈ |ਡਾ. ਚੱਬੇਵਾਲ ਨੇ ਕਿਹਾ ਕਿ ਹਰੇਕ 50 ਲਾਭਪਾਤਰੀ ਮਹਿਲਾਵਾਂ ਲਈ ਇੱਕ ਸਤਿਕਾਰ ਸਖੀ ਨਿਯੁਕਤ ਕੀਤੀ ਗਈ ਹੈ ਜੋ ਘਰ-ਘਰ ਜਾ ਕੇ ਮਹਿਲਾਵਾਂ ਨੂੰ ਰਜਿਸਟਰੇਸ਼ਨ ‘ਚ ਸਹਾਇਤਾ ਪ੍ਰਦਾਨ ਕਰਨਗੀਆਂ ਤੇ ਆਧਾਰ ਕਾਰਡ ਨੂੰ ਲਿੰਕ ਕਰਵਾਉਣ, ਬੈਂਕ ਖਾਤਿਆਂ ਦੀ ਜਾਣਕਾਰੀ ਅੱਪਡੇਟ ਕਰਵਾਉਣ, ਵੋਟਰ ਕਾਰਡ ਦੀ ਪੁਸ਼ਟੀ ਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਮਹਿਲਾਵਾਂ ਲਈ ਜਾਤੀ ਸਰਟੀਫਿਕੇਟ ਪ੍ਰਾਪਤ ਕਰਨ ਵਰਗੀਆਂ ਕਾਰਵਾਈਆਂ ‘ਚ ਮਦਦ ਕਰਨਗੀਆਂ | ਉਨ੍ਹਾਂ ਦੱਸਿਆ ਕਿ ਹਰ ਸਫਲ ਰਜਿਸਟਰੇਸ਼ਨ ਲਈ ਸਤਿਕਾਰ ਸਖੀ ਨੂੰ 300 ਰੁਪਏ ਮਾਣਭੱਤਾ ਵਜੋਂ ਦਿੱਤਾ ਜਾਵੇਗਾ | ਉਨ੍ਹਾਂ ਸਤਿਕਾਰ ਸਖੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਚੰਗੇ ਢੰਗ ਨਾਲ ਨਿਭਾਉਣ ਲਈ ਹਰ ਸਹਿਯੋਗ ਦਿੱਤਾ ਜਾਵੇਗਾ ਤੇ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਸਫ਼ਲ ਬਣਾਇਆ ਜਾਵੇਗਾ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਾਜਵਿੰਦਰ ਕੌਰ, ਆਪ ਆਗੂ ਗੁਰਦੀਪ ਸਿੰਘ ਤੇ ਸੁਮਨ ਸ਼ਰਮਾ ਵੀ ਹਾਜ਼ਰ ਸਨ |
ਘਰ-ਘਰ ਪਹੁੰਚ ਕੇ ਯੋਗ ਮਹਿਲਾਵਾਂ ਦੀ ਰਜਿਸਟਰੇਸ਼ਨ ਕਰਨ ਸਤਿਕਾਰ ਸਖੀਆਂ-ਡਾ. ਚੱਬੇਵਾਲ
ਅਜੀਤ ਡੈਸਕ
14-06-2026