ਕਪੂਰਥਲਾ, 23 ਜੂਨ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਦੇ ਸੰਬੰਧ ‘ਚ ਇਕ ਪੱਤਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਸੌਂਪਿਆ ਗਿਆ | ਇਸ ਸੰਬੰਧ ‘ਚ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ ਪਿਛਲੇ 15-20 ਸਾਲਾਂ ਤੋਂ ਸਿਹਤ ਵਿਭਾਗ ਵਿਚ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਦੇ ਮਹਿੰਗਾਈ ਭਰੇ ਦੌਰ ਵਿਚ ਨਿਗੂਣੀਆਂ ਤਨਖ਼ਾਹਾਂ ਹੋਣ ਕਾਰਨ ਕਰਮਚਾਰੀਆਂ ਵੱਲੋਂ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੈ| ਯੂਨੀਅਨ ਦੇ ਹੋਰ ਆਗੂਆਂ ਨੇ ਇਹ ਵੀ ਦੱਸਿਆ ਕਿ ਇਸ ਸੰਬੰਧੀ ਮੌਜੂਦਾ ਸਰਕਾਰ ਨੂੰ ਕਈ ਵਾਰ ਜਾਣੂ ਵੀ ਕਰਵਾਇਆ ਜਾ ਚੁੱਕਾ ਹੈ ਤੇ ਸਰਕਾਰ ਤੇ ਓਹਨਾਂ ਦੇ ਨੁਮਾਇੰਦਿਆਂ ਨਾਲ ਹੋਈਆਂ ਯੂਨੀਅਨ ਦੀਆਂ ਮੀਟਿੰਗਾਂ ਵਿਚ ਸਿਵਾਏ ਲਾਰਿਆਂ ਦੇ ਕੁੱਝ ਨਹੀਂ ਮਿਲਿਆ | ਤਨਖ਼ਾਹਾਂ ਵਿਚ ਵਾਧਾ ਤਾਂ ਕਿ ਕਰਨਾ ਹੁਣ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਲੈਣ ਲਈ ਵੀ ਜੱਦੋ ਜਹਿਦ ਕਰਨੀ ਪੈ ਰਹੀ ਹੈ| ਰਾਮ ਸਿੰਘ ਨੇ ਦੱਸਿਆ ਕਿ ਯੂਨੀਅਨ ਦੀ ਮੰਗ ਹੈ ਕਿ ਮੁਲਾਜ਼ਮਾਂ ਨੂੰ ਬਰਾਬਰ ਕੰਮ ਤੇ ਬਰਾਬਰ ਤਨਖ਼ਾਹ ਦਿੱਤੀ ਜਾਏ, ਤਨਖ਼ਾਹਾਂ ਦਾ ਸਮੇਂ ਸਿਰ ਭੁਗਤਾਨ ਕੀਤਾ ਜਾਏ, ਰਿਟਾਇਰਮੈਂਟ ਉਮਰ 62 ਸਾਲ ਕੀਤੀ ਜਾਏ, ਐਨ.ਐਚ.ਐਮ. ਕਰਮਚਾਰੀਆਂ ਲਈ ਗਰੈਚੁਟੀ, ਮੈਡੀਕਲ ਰਿਇਮਬਰਸਮੈਂਟ, ਫੈਮਿਲੀ ਇੰਸ਼ੋਰੈਂਸ ਦੀ ਸਹੂਲਤ ਦਿੱਤੀ ਜਾਏ | ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਓਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਜੁਲਾਈ ਦੇ ਪਹਿਲੇ ਹਫ਼ਤੇ ਮੁੱਖ ਮੰਤਰੀ, ਸਿਹਤ ਮੰਤਰੀ ਦੇ ਖ਼ਿਲਾਫ਼ ਧਰਨੇ ਤੇ ਘੇਰਾਓ ਕਰਨ ਦੀ ਮੁਹਿੰਮ ਵਿੱਢੀ ਜਾਏਗੀ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਨੈ ਮੱਲਣ, ਡਾ. ਯੋਗੇਸ਼ ਸਹਿਗਲ, ਪੰਕਜ ਵਾਲੀਆ, ਸੀਐਚਓ ਸੰਦੀਪ, ਰੁਪਿੰਦਰ ਕੰਪਿਊਟਰ ਆਪਰੇਟਰ ਗੁਰਿੰਦਰ, ਕਮਲਜੀਤ ਸਿੰਘ, ਸ਼ਮਸ਼ੇਰ ਸਿੰਘ ਤੇ ਹੋਰ ਹਾਜ਼ਰ ਸਨ |
ਆਪਣੀਆਂ ਮੰਗਾਂ ਸੰਬੰਧੀ ਐੱਨ.ਐੱਚ.ਐੱਮ. ਕਰਮਚਾਰੀਆਂ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਦਿੱਤਾ ਮੰਗ-ਪੱਤਰ
ਅਜੀਤ ਡੈਸਕ
24-06-2026