12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮਗਨਰੇਗਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਚੌਕ ਵਿਚ ਦਿੱਤਾ ਧਰਨਾ

ਅਜੀਤ ਡੈਸਕ 11-07-2026

ਕਪੂਰਥਲਾ, 10 ਜੁਲਾਈ (ਅਮਰਜੀਤ ਕੋਮਲ)-ਮਗਨਰੇਗਾ ਮੁਲਾਜ਼ਮਾ ਦੀਆਂ ਸੇਵਾਵਾਂ ਪੰਜਾਬ ਸਰਕਾਰ ਵਲੋਂ ਰੈਗੂਲਰ ਨਾ ਕੀਤੇ ਜਾਣ ਦੇ ਰੋਸ ਵਜੋਂ ਮੁਲਾਜ਼ਮਾਂ ਦੀ ਪਿਛਲੇ 40 ਦਿਨਾਂ ਤੋਂ ਚੱਲ ਰਹੀ ਹੜਤਾਲ ਦੌਰਾਨ ਅੱਜ ਮਗਨਰੇਗਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜ ਕੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਇਕੱਤਰ ਹੋ ਕੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਰਾਮ ਦਿੱਤਾ, ਜ਼ਿਲ੍ਹਾ ਪ੍ਰਧਾਨ ਮਗਨਰੇਗਾ ਕਰਮਚਾਰੀ ਯੂਨੀਅਨ ਨੇ ਦੱਸਿਆ ਕਿ ਮਗਨਰੇਗਾ ਮੁਲਾਜ਼ਮ ਪਿਛਲੇ 18 ਵਰਿ੍ਹਆਂ ਤੋਂ ਕੰਟਰੈਕਟ ‘ਤੇ ਨੌਕਰੀ ਕਰਦੇ ਹਨ, ਸਮੇਂ ਸਮੇਂ ਬਣੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਸ਼ਾਮਲ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਵਾਅਦੇ ਕੀਤੇ, ਪਰ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀਆਂ ਇਸ ਮੰਗ ਨੂੰ ਅਮਲੀ ਰੂਪ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮਗਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਤੇ ਹੁਣ ਸਰਕਾਰ ਦੇ ਸਾਢੇ 4 ਸਾਲ ਬੀਤ ਜਾਣ ‘ਤੇ ਵੀ ਉਨ੍ਹਾਂ ਦੀ ਕਿਸੇ ਨੇ ਸੁਣਵਾਈ ਨਹੀਂ ਕੀਤੀ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਮੁਲਾਜ਼ਮਾਂ ਦੀ ਹੜਤਾਲ ਦੌਰਾਨ ਯੂਨੀਅਨ ਦੀਆਂ ਪੰਜਾਬ ਦੇ ਵਿੱਤ ਮੰਤਰੀ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨਾਲ ਤਿੰਨ ਪੈਨਲ ਮੀਟਿੰਗ ਹੋ ਚੁੱਕੀਆਂ ਹਨ | ਦੋਵਾਂ ਮੀਟਿੰਗਾਂ ਵਿਚ ਕੈਬਨਿਟ ਮੰਤਰੀਆਂ ਵਲੋਂ ਮਗਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਣ ਤੋਂ ਬਾਅਦ ਵਿਭਾਗ ਦੀ ਅਫ਼ਸਰਸ਼ਾਹੀ ਨੇ ਕੋਈ ਵੀ ਠੋਸ ਕਾਰਵਾਈ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀਆਂ ਵਲੋਂ ਮੰਗਾਂ ਮੰਨਣ ਦੇ ਭਰੋਸੇ ਦੇ ਬਾਵਜੂਦ ਵੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀ ਮਗਨਰੇਗਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਨੌਕਰੀ ਤੋਂ ਕੱਢ ਕੇ ਨਵੀਂ ਭਰਤੀ ਕਰਨ ਦੀਆਂ ਕਥਿਤ ਤੌਰ ‘ਤੇ ਧਮਕੀਆਂ ਦੇ ਰਹੇ ਹਨ ਤੇ ਪੰਜਾਬ ਦੇ ਕੈਬਨਿਟ ਮੰਤਰੀ ਅਫ਼ਸਰਸ਼ਾਹੀ ਅੱਗੇ ਬੇਬਸ ਨਜ਼ਰ ਆ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਲੋਕ ਮਿਲਣੀ ਪ੍ਰੋਗਰਾਮਾਂ ਵਿਚ ਠੇਕੇਦਾਰੀ ਸਿਸਟਮ ਬੰਦ ਕਰਕੇ 70 ਹਜ਼ਾਰ ਨਵੀਆਂ ਨੌਕਰੀਆਂ ਦੇਣ ਦੇ ਵਾਅਦੇ ਕਰ ਰਹੇ ਹਨ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ 15 ਜੁਲਾਈ ਨੂੰ ਮਗਨਰੇਗਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਦਾ ਖੰਨਾ ਵਿਚ ਉਨ੍ਹਾਂ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਤੇ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮ ਵਿਚ ਸ਼ਾਮਲ ਹੋ ਕੇ ਉਨ੍ਹਾਂ ਤੋਂ ਸਵਾਲ ਪੁੱਛਣਗੇ | ਧਰਨੇ ਵਿਚ ਰਘਬੀਰ ਸਿੰਘ, ਸੁਰਜੀਤ ਨਾਹਰ, ਮਨਿੰਦਰ ਸਿੰਘ ਸਿੱਧੂ, ਗੁਰਮੀਤ ਸਿੰਘ, ਏ.ਪੀ. ਵਿਸ਼ਾਲ, ਸੀ.ਏ. ਹਰਜੀਤ ਕੌਰ, ਰਾਜਵੰਤ ਕੌਰ, ਗੁਰਪ੍ਰੀਤ ਸਿੰਘ, ਰਵਿੰਦਰਪਾਲ ਸਿੰਘ ਸੀ.ਏ ਤੋਂ ਇਲਾਵਾ ਸਮੂਹ ਏ.ਪੀ.ਓ., ਟੀ.ਏ., ਸੀ.ਏ. ਤੇ ਸਮੂਹ ਗ੍ਰਾਮ ਰੁਜ਼ਗਾਰ ਸਹਾਇਕ ਮਗਨਰੇਗਾ, ਸਮੂਹ ਮੇਟ ਤੇ ਮਗਨਰੇਗਾ ਮੁਲਾਜ਼ਮ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਮਾਡਰਨ ਜੇਲ੍ਹ ’ਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਵਿਚ ਅਣਪਛਾਤੇ ਹਵਾਲਾਤੀ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।