ਸ਼ਾਹਕੋਟ, 31 ਜੁਲਾਈ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ’ਚ ਮਹਿਲਾ ਮੰਡਲ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਪ੍ਰਧਾਨ ਸੁਖਜੀਤ ਕੌਰ ਤੇ ਚੇਅਰਪਰਸਨ ਅਮਰਜੀਤ ਕੌਰ ਸਚਦੇਵਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਮਹਿਲਾ ਮੰਡਲ ਦੀਆਂ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਮਹਾਨ ਦੇਸ਼ ਭਗਤ ਨੂੰ ਸਿਜਦਾ ਕੀਤਾ ਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਮਹਿਲਾ ਮੰਡਲ ਦੀ ਜਨਰਲ ਸਕੱਤਰ ਕੁਲਵਿੰਦਰ ਕੌਰ ਸਾਗਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸਾਡਾ ਅਨਮੋਲ ਸਰਮਾਇਆ ਹਨ। ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ’ਤੇ ਚੱਲਣਾ ਚਾਹੀਦਾ ਹੈ ਅਤੇ ਦੇਸ਼ ਦੀ ਤਰੱਕੀ, ਅਖੰਡਤਾ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਦੇਸ਼ ਦੀ ਆਜ਼ਾਦੀ ਤੇ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਲਈ ਜੋ ਵੱਡੀ ਕੁਰਬਾਨੀ ਦਿੱਤੀ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਰਾਜਵਿੰਦਰ ਕੌਰ ਕੋਟਲੀ ਪ੍ਰਧਾਨ ਮਹਿਲਾ ਮੰਡਲ ਇਕਾਈ ਕੋਟਲੀ ਗਾਜਰਾਂ, ਪਿੰਕੀ ਅਰੋੜਾ ਵਾਈਸ ਪ੍ਰਧਾਨ, ਰਾਜਵਿੰਦਰ ਕੌਰ ਮੀਡੀਆ ਇੰਚਾਰਜ, ਰਮਾ ਰਾਣੀ ਸਲਾਹਕਾਰ, ਮਨਜੀਤ ਕੌਰ, ਸੁਰਿੰਦਰ ਕੌਰ, ਰੀਟਾ ਸੋਬਤੀ, ਬਲਜਿੰਦਰ ਕੌਰ, ਮਨਜੀਤ ਕੌਰ, ਸਰੋਜ ਰਾਣੀ, ਪ੍ਰਿਅੰਕਾ ਪੁਰੀ, ਰਮਨਦੀਪ ਕੌਰ ਆਦਿ ਹਾਜ਼ਰ ਸਨ।