ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਪਹਿਲਾ ਸਥਾਨ
ਕਪੂਰਥਲਾ, 3 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਜਲੰਧਰ ਦੇ ਸਹੋਦਿਆ ਸਕੂਲ ਕੰਪਲੈਕਸ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਇੰਗਲਿਸ਼ ਗਰੁੱਪ ਸੋਂਗ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਜ਼ਿਲ੍ਹਾ ਜਲੰਧਰ ਦੇ 34 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿਚੋਂ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੇ ਸੰਗੀਤਕ ਹੁਨਰ ਤੇ ਸੁਰੀਲੇ ਹੋਣ ਦਾ ਸਬੂਤ ਦਿੰਦਿਆਂ ਪਹਿਲਾ ਸਥਾਨ ਲਿਆ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਇੰਗਲਿਸ਼ ਗਰੁੱਪ ਸੋਂਗ ਮੁਕਾਬਲੇ ਵਿਚ ਪਹਿਲੇ ਸਥਾਨ ‘ਤੇ ਰਹੇ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਹੋਰ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਕੂਲ ਦੇ ਸੰਗੀਤ ਵਿਸ਼ੇ ਦੇ ਅਧਿਆਪਕ ਸੁਨੀਲ ਚੌਹਾਨ ਤੇ ਅਧਿਆਪਕਾ ਪਰਮਿੰਦਰ ਕੌਰ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਮਿਹਨਤ ਸਦਕਾ ਸਕੂਲ ਦੇ ਵਿਦਿਆਰਥੀ ਇਸ ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ ਕਰਨ ਵਿਚ ਸਫ਼ਲ ਰਹੇ |