ਹਰ ਵਰਗ ਦੇ ਹੱਕ ਮਾਰ ਕੇ ਪਾਰਟੀ ਦਾ ਪ੍ਰਚਾਰ ਕਰ ਰਹੇ ਮੁੱਖ ਮੰਤਰੀ - ਜਥੇਦਾਰ ਸਰੂਪ ਸਿੰਘ ਖਲਵਾੜਾ
ਫਗਵਾੜਾ, 31 ਅਗਸਤ (ਅਸ਼ੋਕ ਕੁਮਾਰ ਵਾਲੀਆ)– ਸ਼੍ਰੋਮਣੀ ਅਕਾਲੀ ਦਲ ਐਸ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਸੂਬੇ ਦੇ ਹਰੇਕ ਵਰਗ ਦੇ ਹੱਕਾਂ ਦੀ ਅਣਦੇਖੀ ਕਰਨ ਅਤੇ ਸਰਕਾਰੀ ਖ਼ਜ਼ਾਨੇ ਦੀ ਵਰਤੋਂ ਸਿਆਸੀ ਪ੍ਰਚਾਰ ਲਈ ਕਰਨ ਦੇ ਦੋਸ਼ ਲਗਾਏ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੀ ਪਾਰਟੀ ਦੀ ਪ੍ਰਮੋਸ਼ਨ ਅਤੇ ਸਿਆਸੀ ਇਮੇਜ ਚਮਕਾਉਣ ਵੱਲ ਜ਼ਿਆਦਾ ਹੈ | ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਾਈਕੋਰਟ ਵੱਲੋਂ ਫੰਡਾਂ ਦੀ ਦੁਰਵਰਤੋਂ ਅਤੇ ਮੁਲਾਜ਼ਮ ਵਰਗ ਦੇ ਹੱਕ ਦੇ ਪੈਸਿਆਂ ਦੀ ਅਦਾਇਗੀ ਨਾ ਕਰਨ ਨੂੰ ਲੈ ਕੇ ਜੇਕਰ ਫਟਕਾਰ ਲਗਾਈ ਜਾ ਰਹੀ ਹੈ ਤਾਂ ਇਸ ਨਾਲ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਨੂੰ ਖ਼ੁਸ਼ ਕਰਨ ਅਤੇ ਸਿਆਸੀ ਵਾਹ-ਵਾਹ ਖੱਟਣ ਲਈ ਮਿਹਨਤਕਸ਼ ਵਰਗ, ਮਜ਼ਦੂਰਾਂ, ਲੋੜਵੰਦਾਂ, ਵਿਦਿਆਰਥੀਆਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਹੱਕ ‘ਤੇ ਡਾਕਾ ਮਾਰਿਆ ਜਾ ਰਿਹਾ ਹੈ |