ਹਲਕਾ ਸੁਲਤਾਨਪੁਰ ਲੋਧੀ ਦੇ ਅਕਾਲੀ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋਣ-ਬੂਲੇ, ਢਿੱਲੋਂ
ਸੁਲਤਾਨਪੁਰ ਲੋਧੀ, 2 ਸਤੰਬਰ (ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਦੁਆਬਾ ਪ੍ਰਧਾਨ ਕੁਲਦੀਪ ਸਿੰਘ ਬੂਲੇ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਸੁਰਜੀਤ ਸਿੰਘ ਢਿੱਲੋਂ ਨੇ ਹਲਕੇ ਅੰਦਰ ਪਾਰਟੀ ਦੀ ਧੜੇਬੰਦੀ ਨੂੰ ਖ਼ਤਮ ਕਰਕੇ ਸਮੁੱਚੇ ਵਰਕਰਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਲਈ ਕਈ ਸਤਿਕਾਰਯੋਗ ਆਗੂ ਚਾਹਵਾਨ ਹਨ ਅਤੇ ਉਹ ਸਾਰੇ ਉਨ੍ਹਾਂ ਦੇ ਸਤਿਕਾਰਯੋਗ ਭਰਾ ਹਨ | ਉਨ੍ਹਾਂ ਕਿਹਾ ਕਿ ਟਿਕਟ ਦੀ ਦੌੜ ਨੂੰ ਲੈ ਕੇ ਜੇਕਰ ਇੱਕ ਵਰਕਰ ਦੂਜੇ ਦੇ ਨਾਲ ਖੜ੍ਹਦਾ ਹੈ ਤਾਂ ਨਾਰਾਜ਼ਗੀ ਪੈਦਾ ਹੁੰਦੀ ਹੈ ਅਤੇ ਇਸ ਨਾਲ ਪਾਰਟੀ ਨੂੰ ਨੁਕਸਾਨ ਹੁੰਦਾ ਹੈ | ਉਨ੍ਹਾਂ ਨੇ ਸਮੁੱਚੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵਿਸ਼ੇਸ਼ ਵਿਅਕਤੀ ਜਾਂ ਧੜੇ ਦਾ ਹਿੱਸਾ ਬਣਨ ਦੀ ਬਜਾਏ ਪਾਰਟੀ ਦੇ ਸਾਂਝੇ ਝੰਡੇ ਹੇਠ ਇਕੱਠੇ ਹੋਣ | ਬੂਲੇ ਨੇ ਕਿਹਾ ਕਿ ਉਹ ਖੁਦ ਕਿਸੇ ਵਿਸ਼ੇਸ਼ ਵਿਅਕਤੀ ਦੇ ਪੱਖ ਵਿਚ ਨਹੀਂ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਨ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੁਲਤਾਨਪੁਰ ਲੋਧੀ ਲਈ ਜੋ ਵੀ ਫ਼ੈਸਲਾ ਲਿਆ ਜਾਵੇਗਾ, ਉਹ ਉਸ ਨੂੰ ਪੂਰੀ ਤਰ੍ਹਾਂ ਪ੍ਰਵਾਨ ਕਰਨਗੇ | ਇਸ ਮੌਕੇ ਸੁਰਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਹਲਕੇ ਅੰਦਰ ਪਾਰਟੀ ਦੀ ਵੰਡ ਕਾਰਨ ਜੋ ਹਾਲਾਤ ਬਣੇ ਹੋਏ ਹਨ, ਉਹ ਚਿੰਤਾ ਦਾ ਵਿਸ਼ਾ ਹਨ |