ਵੀਜੇ ਬੰਦ ਹੋਣ 'ਤੇ ਬਿਕਰਮ ਸਿੰਘ ਮਜੀਠੀਆ ਨੇ ਕੀਤੀ ਦੋਵਾਂ ਦੇਸ਼ਾਂ ਨੂੰ ਇਹ ਅਪੀਲ
ਚੰਡੀਗੜ੍ਹ, 21 ਸਤੰਬਰ- ਭਾਰਤ ਨੇ ਕੈਨੇਡਾ ਨਾਲ ਤਣਾਅ ਵਿਚਾਲੇ ਇਕ ਹੋਰ ਐਕਸ਼ਨ ਲਿਆ ਹੈ। ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਮੁਅੱਤਲ ਕਰ ਦਿੱਤਾ ਹੈ ਜਿਸ ਤੋਂ ਬਾਅਦ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਵਾਂ ਨੂੰ ਗੱਲਬਾਤ ਰਾਹੀਂ ਮਸਲਾ ਸੁਲਝਾਉਣ ਦੀ ਅਪੀਲ ਕੀਤੀ ਹੈ।
ਬਿਕਰਮ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ, ਕੈਨੇਡਾ ਅਤੇ ਭਾਰਤ ਵਿਚਾਲੇ ਟਕਰਾਅ ਸਭ ਤੋਂ ਮੰਦਭਾਗਾ ਹੈ। ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਬੰਦ ਕਰਨ ਨਾਲ ਨਾ ਸਿਰਫ਼ ਸੰਬੰਧਾਂ 'ਚ ਤਣਾਅ ਪੈਦਾ ਹੋਵੇਗਾ ਬਲਕਿ ਲੱਖਾਂ ਭਾਰਤੀਆਂ ਲਈ ਵੀ ਮੁਸ਼ਕਲਾਂ ਪੈਦਾ ਹੋਣਗੀਆਂ, ਜਿਨ੍ਹਾਂ 'ਚ ਵੱਡੀ ਗਿਣਤੀ ਪੰਜਾਬੀਆਂ ਦੀ ਹੈ ਜੋ ਕੈਨੇਡਾ 'ਚ ਵਸ ਗਏ ਹਨ ਅਤੇ ਹੁਣ ਕੈਨੇਡੀਅਨ ਨਾਗਰਿਕ ਹਨ। ਮੈਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੱਲਬਾਤ ਰਾਹੀਂ ਮਸਲਿਆਂ ਨੂੰ ਸੁਲਝਾਉਣ ਦੀ ਅਪੀਲ ਕਰਦਾ ਹਾਂ। ਇਹੀ ਇੱਕੋ ਇਕ ਰਸਤਾ ਹੈ।