ਵਿਜੀਲੈਂਸ ਬਿਊਰੋ ਵਲੋਂ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ

ਚੰਡੀਗੜ੍ਹ, 26 ਸਤੰਬਰ- ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਚ ਇਕ ਜਾਇਦਾਦ ਦੀ ਖ਼ਰੀਦ ਵਿਚ ਕਥਿਤ ਬੇਨਿਯਮੀਆਂ ਦੇ ਸੰਬੰਧ ਵਿਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਮਨਪ੍ਰੀਤ ਸਿੰਘ ਬਾਦਲ ਗ੍ਰਿਫ਼ਤਾਰੀ ਤੋਂ ਬਚਣ ਲਈ ਦੇਸ਼ ਛੱਡ ਕੇ ਭੱਜ ਸਕਦੇ ਹਨ, ਇਸ ਲਈ ਸਾਰੇ ਹਵਾਈ ਅੱਡਿਆਂ ਨੂੰ ਅਲਰਟ ’ਤੇ ਰੱਖਿਆ ਗਿਆ ਹੈ। ਇਹ ਕਦਮ ਵਿਜੀਲੈਂਸ ਅਧਿਕਾਰੀਆਂ ਵਲੋਂ ਬਠਿੰਡਾ ਜਾਇਦਾਦ ਮਾਮਲੇ ਵਿਚ ਬਾਦਲ ਅਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਤੋਂ ਇਕ ਦਿਨ ਬਾਅਦ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਐਫ਼.ਆਈ.ਆਰ. ਦਰਜ ਕਰਨ ਤੋਂ ਬਾਅਦ ਪੁਲਿਸ ਨੇ ਮਨਪ੍ਰੀਤ ਸਿੰਘ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਉਸ ਦੀ ਰਿਹਾਇਸ਼ ਅਤੇ ਹੋਰ ਜਾਣੇ-ਪਛਾਣੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ, ਪਰ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ।