ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਹਿਮ ਮੰਗਾਂ ਨੂੰ ਲੈ ਕੇ ਐੱਸ. ਡੀ. ਓ.ਦਫਤਰ ਬਾਹਰ ਧਰਨਾ ਜਾਰੀ

ਜੰਡਿਆਲਾ ਗੁਰੂ, 8 ਜੂਨ (ਰਣਜੀਤ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬਿਜਲੀ ਸੰਬੰਧੀ ਮੁਸ਼ਕਿਲਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਬਿਜਲੀ ਵਿਭਾਗ ਦੇ ਐੱਸ. ਡੀ. ਓ. ਦਫਤਰਾਂ ਅੱਗੇ ਇਕ ਦਿਨਾਂ ਰੋਸ ਮੁਜ਼ਾਹਰੇ ਦੇ ਸੱਦੇ ਤਹਿਤ ਸਬ ਡਵੀਜ਼ਨ ਜੰਡਿਆਲਾ ਗੁਰੂ ਵਿਖੇ ਸੈਂਕੜੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਬੀਬੀਆ ਵਲੋਂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕੇਂਦਰ ਸਰਕਾਰ ਦਾ ਪੁਤਲਾ ਵੀ ਸਾੜਿਆ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਪੰਜਾਬ ਭਰ ਵਿਚ ਭਗਵੰਤ ਮਾਨ ਸਰਕਾਰ ਪਿਛਲੇ ਕਈ ਮਹੀਨਿਆਂ ਤੋਂ ਮੋਦੀ ਸਰਕਾਰ ਦੀ ਬਿਜਲੀ ਮਹਿਕਮੇ ਨੂੰ ਪ੍ਰਾਈਵੇਟ ਹੱਥਾਂ ਵਿਚ ਵੇਚਣ ਦੇ ਮਨਸੂਬਿਆਂ ਦੀ ਪੂਰਤੀ ਵਿਚ ਹਿੱਸੇਦਾਰੀ ਪਾਉਣ ਦੀ ਕੋਸ਼ਿਸ਼ ਦੇ ਚੱਲਦੇ ਪ੍ਰੀਪੇਡ ਮੀਟਰ ਲਗਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ. ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।