ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੀਤੀ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਰੋਹ ਵਿਚ ਆਏ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਤ੍ਰਿਸ਼ਨਜੀਤ ਕੌਰ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ ’ਤੇ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਇਕੱਠੇ ਹੋਣ ਉਪਰੰਤ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਅੱਗੇ ਪੰਜਾਬ ਦਾ ਪੁਤਲਾ ਸਾੜਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਤ੍ਰਿਸ਼ਨਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਜਥੇਬੰਦੀ ਦੇ ਆਗੂਆਂ ਨਾਲ ਗੱਲਬਾਤ ਕਰਨ ਤੋਂ ਵਾਰ ਵਾਰ ਸਮਾਂ ਬਦਲ ਕੇ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ 14 ਨਵੰਬਰ 2022 ਤੋਂ ਲੈ ਕੇ 29 ਸਤੰਬਰ 2023 ਤੱਕ ਮੁੱਖ ਮੰਤਰੀ ਨਾਲ ਪੰਜ ਵਾਰ ਮੀਟਿੰਗ ਦਾ ਸਮਾਂ ਤੈਅ ਹੋਇਆ ਪਰ ਹਰ ਵਾਰ ਮੀਟਿੰਗ ਦੀ ਤਰੀਕ ਅੱਗੇ ਵਧਾ ਦਿੱਤੀ ਗਈ। ਜਿਸ ਕਾਰਨ ਆਂਗਣਵਾੜੀ ਵਰਕਰਾਂ ’ਚ ਭਾਰੀ ਰੋਸ ਹੈ।