ਕਿਸਾਨਾਂ ਵਲੋਂ ਦੂਜੇ ਦਿਨ ਵੀ ਰੇਲਵੇ ਟਰੈਕ ਜਾਮ

ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- 16 ਸੰਘਰਸ਼ਸ਼ੀਲ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਤਿੰਨ ਦਿਨ ਦੇ ਰੇਲ ਰੋਕੋ ਮੋਰਚੇ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ ਜਥੇਬੰਦੀ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਵਿਖੇ ਅੱਜ ਦੂਜੇ ਦਿਨ ਵੀ ਦੁਪਹਿਰ 12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨੀ ਮਸਲਿਆਂ ਨੂੰ ਜਾਣ ਬੁੱਝ ਕੇ ਅਣਗੌਲਿਆਂ ਕਰ ਰਹੀ ਹੈ, ਜਿਸ ਕਾਰਨ ਮੁਲਕ ਦਾ ਕਿਸਾਨ ਆਰਥਿਕ ਮੰਦੀ ਦੀ ਮਾਰ ਝੱਲ ਰਿਹਾ ਹੈ। ਇੱਥੇ ਹੀ ਬਸ ਨਹੀਂ ਸਰਕਾਰ ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਗਈਆਂ ਮੰਗਾਂ ਲਾਗੂ ਕਰਨ ਤੋਂ ਵੀ ਭੱਜ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਮੁੜ ਸੰਘਰਸ਼ ਵਿੱਢਣਾ ਪੈ ਰਿਹਾ ਹੈ।