ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ- ਸ਼੍ਰੋਮਣੀ ਕਮੇਟੀ ਪ੍ਰਧਾਨ
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਲੋਂ ਮੁਲਾਕਾਤ ਲਈ ਲੋੜੀਂਦੀ ਆਗਿਆ ਨਾ ਦੇ ਕੇ ਠੀਕ ਨਹੀਂ ਕੀਤਾ ਜਾ ਰਿਹਾ। ਮਨੁੱਖੀ ਅਧਿਕਾਰਾਂ ਤਹਿਤ ਹਰ ਕੈਦੀ ਨਾਲ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕੇਸ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦੀ ਮੁਲਾਕਾਤ ਦਾ ਹੱਕ ਦਬਾਇਆ ਨਹੀਂ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖਾਂ ਨੂੰ ਇਨਸਾਫ਼ ਲੈਣ ਲਈ ਭੁੱਖ ਹੜਤਾਲ ਕਰਨੀ ਪੈ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਤੇ ਸੰਜੀਦਗੀ ਨਾਲ ਗੌਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਹਦਾਇਤ ਜਾਰੀ ਕਰੇ ਅਤੇ ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਲੋੜੀਂਦੀ ਇਜਾਜ਼ਤ ਦੇਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤਰਫ਼ੋਂ ਪਹਿਲਾਂ ਤੋਂ ਹੀ ਕਾਨੂੰਨੀ ਸਹਿਯੋਗ ਦੇ ਰਹੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਲੋੜੀਂਦੀ ਕਾਰਵਾਈ ਲਈ ਕਿਹਾ ਗਿਆ ਹੈ, ਜੋ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਣਗੇ।