ਮਹਿਲਾ ਰਾਖ਼ਵਾਂਕਰਨ ਬਿੱਲ ਪਾਸ ਹੋਣ ’ਤੇ ਪੂਰੇ ਦੇਸ਼ ਨੂੰ ਵਧਾਈ- ਪ੍ਰਧਾਨ ਮੰਤਰੀ
ਨਵੀਂ ਦਿੱਲੀ 22 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ, ਜਿੱਥੇ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋਣ ਤੋਂ ਬਾਅਦ ਜਸ਼ਨ ਮਨਾਏ ਜਾ ਰਹੇ ਹਨ। ਇਸ ਦੌਰਾਨ ਭਾਜਪਾ ਮੁੱਖ ਦਫ਼ਤਰ ’ਤੇ ਔਰਤਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਅਤੇ ਇਹ ਦਿਨ ਆਉਣ ਵਾਲੀਆਂ ਕਈ ਪੀੜ੍ਹੀਆਂ ਲਈ ਚਰਚਾ ਵਿਚ ਰਹੇਗਾ। ਉਨ੍ਹਾਂ ਕਿਹਾ ਕਿ ਮੈਂ ‘ਨਾਰੀ ਸ਼ਕਤੀ ਵੰਦਨ ਐਕਟ’ ਨੂੰ ਸੰਸਦ ਦੇ ਦੋਵਾਂ ਸਦਨਾਂ ਵਿਚ ਭਾਰੀ ਬਹੁਮਤ ਨਾਲ ਪਾਸ ਹੋਣ ’ਤੇ ਪੂਰੇ ਦੇਸ਼ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮੈਂ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਵਧਾਈ ਦਿੰਦਾ ਹਾਂ। ਕੱਲ੍ਹ ਅਤੇ ਪਰਸੋਂ ਅਸੀਂ ਇਕ ਨਵਾਂ ਇਤਿਹਾਸ ਰਚਦੇ ਦੇਖਿਆ। ਅਸੀਂ ਖੁਸ਼ਕਿਸਮਤ ਹਾਂ ਕਿ ਕਰੋੜਾਂ ਲੋਕਾਂ ਨੇ ਸਾਨੂੰ ਇਹ ਇਤਿਹਾਸ ਬਣਾਉਣ ਦਾ ਮੌਕਾ ਦਿੱਤਾ ਹੈ।