

ਹਸਨ ਅਬਦਾਲ (ਪਾਕਿਸਤਾਨ), 30 ਨਵੰਬਰ (ਜਸਵੰਤ ਸਿੰਘ ਜੱਸ)- ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਪਾਕਿਸਤਾਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਆਏ ਸ਼ਰਧਾਲੂਆਂ ਦਾ ਜੱਥਾ ਅੱਜ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਦੇ ਦਰਸ਼ਨ ਕਰਨ ਉਪਰੰਤ ਸਵੇਰੇ ਵਿਸ਼ੇਸ਼ ਬੱਸਾਂ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਸ੍ਰੀ ਪੰਜਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਰੱਖੇ ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਜਥੇ ਨਾਲ ਪੁੱਜੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰ ਪਾਲ ਸਿੰਘ ਦੇ ਜਥੇ ਵਲੋਂ ਆਸਾ ਦੀ ਵਾਰ ਦਾ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਮੁੱਖ ਗ੍ਰੰਥੀ ਗਿਆਨੀ ਕੁਲਬੀਰ ਸਿੰਘ ਵੱਲੋਂ ਅਰਦਾਸ ਉਪਰੰਤ ਗੁਰਮਤਿ ਵਿਚਾਰਾਂ ਸਰਵਣ ਕਰਾਈਆਂ ਗਈਆਂ। ਜਾਣਕਾਰੀ ਅਨੁਸਾਰ ਸ਼ਰਧਾਲੂਆਂ ਦਾ ਇਹ ਜੱਥਾ ਅੱਜ ਦੇਰ ਰਾਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਵਿਖੇ ਪੁੱਜੇਗਾ।