ਭਾਈ ਰਾਜੋਆਣਾ ਤੇ ਬੰਦੀ ਸਿੰਘਾਂ ਦੇ ਮਾਮਲੇ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਪੰਜ ਮੈਂਬਰੀ ਕਮੇਟੀ ਦਾ ਕੀਤਾ ਗਠਨ

ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਹੰਗਾਮੀ ਇਕੱਤਰਤਾ ਵਿਚ ਭਾਰਤ ਸਰਕਾਰ ਨਾਲ ਗੱਲਬਾਤ ਕਰਨ ਲਈ ਇਕ ਉੱਚ ਪੱਧਰੀ 5 ਮੈਂਬਰੀ ਕਮੇਟੀ ਦਾ ਗਠਨ ਕਰਨ ਦੇ ਨਾਲ ਭਾਈ ਰਾਜੋਆਣਾ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਹਦਾਇਤ ਕਰਦਿਆਂ ਭੁੱਖ ਹੜਤਾਲ ਵਾਪਸ ਲੈਣ ਦਾ ਵੀ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਸ਼ਾਮਿਲ ਹੋਏ। ਇਸ ਇਕੱਤਰਤਾ ਦੌਰਾਨ ਸਿੱਖ ਕੌਮ ਦੇ ਜ਼ਿੰਦਾ ਸ਼ਹੀਦ ਭਾਈ ਰਾਜੋਆਣਾ ਵਲੋਂ ਭੇਜੀਆਂ ਪ੍ਰਤੀਕਿਰਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕਰਨ ਉਪਰੰਤ ਆਦੇਸ਼ ਜਾਰੀ ਕਰਦਿਆਂ ਕਿਹਾ ਗਿਆ ਕਿ ਕੌਮ ਦੇ ਜ਼ਿੰਦਾ ਸ਼ਹੀਦ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕਰਵਾਉਣ ਲਈ ਅਤੇ ਇਨ੍ਹਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਉੱਚ ਪੱਧਰੀ ਵਫਦ ਦਾ ਗਠਨ ਕੀਤਾ ਹੈ, ਜੋ ਤੁਰੰਤ ਹੀ ਆਪਣੀ ਕਾਰਵਾਈ ਸ਼ੁਰੂ ਕਰੇ। ਇਸ ਵਫ਼ਦ ਵਿਚ ਹਰਜਿੰਦਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ, ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਤੇ ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਿਲ ਕੀਤਾ ਗਿਆ ਹੈ ਅਤੇ ਇਸ ਕਮੇਟੀ ਦੇ ਕੋਆਰਡੀਨੇਟਰ ਵੀ ਪ੍ਰਧਾਨ ਸ਼੍ਰੋਮਣੀ ਕਮੇਟੀ ਹੋਣਗੇ।