ਜਾਇਦਾਦ ਬੇਨਿਯਮੀਆਂ ਦੇ ਮਾਮਲੇ ਵਿਚ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਕੇਸ ਦਰਜ
ਚੰਡੀਗੜ੍ਹ, 25 ਸਤੰਬਰ- ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਚ ਇਕ ਜਾਇਦਾਦ ਦੀ ਖ਼ਰੀਦ ਵਿਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿਚ ਸੂਬੇ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਇਕ ਉੱਚ ਅਧਿਕਾਰੀ ਵਲੋਂ ਦਿੱਤੀ ਗਈ। ਅਧਿਕਾਰੀ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਬਾਦਲ, ਜੋ ਹੁਣ ਭਾਜਪਾ ਆਗੂ ਹਨ ਤੋਂ ਇਲਾਵਾ ਬਠਿੰਡਾ ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਬਿਕਰਮਜੀਤ ਸ਼ੇਰਗਿੱਲ ਅਤੇ ਚਾਰ ਹੋਰ ਵਿਅਕਤੀਆਂ ਰਾਜੀਵ ਕੁਮਾਰ, ਅਮਨਦੀਪ ਸਿੰਘ, ਵਿਕਾਸ ਅਰੋੜਾ ਅਤੇ ਪੰਕਜ ਵਿਰੁੱਧ ਬੀਤੀ ਰਾਤ ਮਾਮਲਾ ਦਰਜ ਕੀਤੀ ਗਿਆ ਹੈ। ਅਧਿਕਾਰੀ ਨੇ ਇਹ ਵੀ ਦੱਸਿਆ ਕਿ ਰਾਜੀਵ ਕੁਮਾਰ ਅਤੇ ਅਮਨਦੀਪ ਸਿੰਘ ਸਮੇਤ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਬਿਊਰੋ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ 2021 ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ, ਜਿਸ ’ਚ ਬਠਿੰਡਾ ਦੇ ਮੁੱਖ ਸਥਾਨ ’ਤੇ ਜਾਇਦਾਦ ਦੀ ਖ਼ਰੀਦ ’ਚ ਬੇਨਿਯਮੀਆਂ ਦਾ ਦੋਸ਼ ਲਗਾਇਆ ਗਿਆ ਸੀ।