ਅਸੀਂ ਸਾਰੇ ਇਸ ਲੜਾਈ ਵਿਚ ਸੁਖਪਾਲ ਸਿੰਘ ਖਹਿਰਾ ਦੇ ਨਾਲ- ਕਾਂਗਰਸੀ ਵਫ਼ਦ
ਮੁਹਾਲੀ, 28 ਸਤੰਬਰ (ਦਵਿੰਦਰ ਸਿੰਘ)- ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫ਼ਤਾਰੀ ਤੋਂ ਬਾਅਦ ਕਾਂਗਰਸ ਦੇ ਵਫ਼ਦ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਵਫ਼ਦ ਵਿਚ ਸ਼ਾਮਿਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਾਡੇ ਵਲੋਂ ਗਵਰਨਰ ਨੂੰ ‘ਆਪ’ ਸਰਕਾਰ ਦੀ ਸ਼ਿਕਾਇਤ ਕੀਤੀ ਗਈ ਹੈ ਅਤੇ ਅੱਜ ਜੋ ਕੁਝ ਵੀ ਹੋਇਆ ਉਸ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਹੈ। ਇਸ ਸੰਬੰਧੀ ਬੋਲਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਘਰ ਦੇ ਦਰਵਾਜ਼ੇ ਭੰਨ ਕੇ ਬਿਨਾਂ ਕਿਸੇ ਵਰੰਟ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਇਸ ਲੜਾਈ ਵਿਚ ਸੁਖਪਾਲ ਸਿੰਘ ਖਹਿਰਾ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅੰਗਰੇਜ਼ ਹਕੂਮਤ ਵਾਂਗ ਕੰਮ ਕਰ ਰਹੀ ਹੈ। ਵਫ਼ਦ ਵਲੋਂ ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫ਼ਤਾਰੀ ਸੰਬੰਧੀ ਰਾਜਪਾਲ ਨੂੰ ਇਕ ਮੰਗ ਪੱਤਰ ਵੀ ਸੌਪਿਆ ਗਿਆ।