ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਲੁਧਿਆਣਾ ਵਿਚ ਯੂਥ ਕਾਂਗਰਸ ਦਾ ਪ੍ਰਦਰਸ਼ਨ
ਲੁਧਿਆਣਾ, 28 ਸਤੰਬਰ (ਰੂਪੇਸ਼ ਕੁਮਾਰ)- ਸੀਨੀਅਰ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਨਸ਼ਿਆਂ ਦੇ ਮਾਮਲੇ ਵਿਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਖ਼ਿਲਾਫ਼ ਯੂਥ ਕਾਂਗਰਸ ਵਲੋਂ ਲੁਧਿਆਣਾ ਵਿਚ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਕਾਂਗਰਸੀਆਂ ਵਲੋਂ ਸਰਕਟ ਹਾਊਸ ਤੋਂ ਪੁਲਿਸ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਣ ਅਤੇ ਪੁਤਲਾ ਫੂਕਣ ਦਾ ਪ੍ਰੋਗਰਾਮ ਸੀ ਪਰ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਸਰਕਟ ਹਾਊਸ ਨੇੜੇ ਰੋਕ ਲਿਆ ਅਤੇ ਉਨ੍ਹਾਂ ਨੇ ਸੜਕ ’ਤੇ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਹ ਇੱਥੇ ਸੁਖਪਾਲ ਸਿੰਘ ਖਹਿਰਾ ਦੇ ਸਮਰਥਨ ਵਿਚ ਪ੍ਰਦਰਸ਼ਨ ਕਰਨ ਆਏ ਸਨ ਪਰ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਜਦੋਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨਾਲ ਗਠਜੋੜ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕੋਈ ਗਠਜੋੜ ਨਹੀਂ ਹੋਵੇਗਾ। ਏ.ਡੀ.ਸੀ.ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀਪੂਰਵਕ ਰੋਕਿਆ ਗਿਆ ਹੈ ਅਤੇ ਕਿਸੇ ਵਿਅਕਤੀ ਨੂੰ ਹਿਰਾਸਤ ਵਿਚ ਨਹੀਂ ਲਿਆ ਗਿਆ।