ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਮਿਲਣ ਲਈ ਸਮਾਂ ਦੇਣ ਦੀ ਕੀਤੀ ਗਈ ਮੰਗ
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)-ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਦੀ ਅੱਜ ਇੱਥੇ ਹੋਈ ਇਕੱਤਰਤਾ ਦੌਰਾਨ ਇਸ ਮਾਮਲੇ ਸੰਬੰਧੀ ਗੱਲਬਾਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਨਸਾਫ਼ ਦੇਣ ਦੀ ਮੰਗ ਕੀਤੀ ਗਈ। ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਭਾਈ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਮਿਲੀ ਉਮਰ ਕੈਦ ’ਚ ਤਬਦੀਲ ਕਰਾਉਣਾ ਸਿੱਖਾਂ ਦਾ ਕੌਮੀ ਤੇ ਸੰਵੇਦਨਸ਼ੀਲ ਮੁੱਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਮਲੇ ਨੂੰ ਲੈ ਕੇ ਸਰਕਾਰ ਨਾਲ ਟਕਰਾਅ ਨਹੀਂ ਹੈ ਬਲਕਿ ਅਸੀਂ ਇਨਸਾਫ਼ ਮੰਗਦੇ ਹਾਂ। ਇਸ ਲਈ ਪੰਜ ਮੈਂਬਰੀ ਕਮੇਟੀ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਅਤੇ ਭਾਈ ਬਲਵੰਤ ਸਿੰਘ ਖੈੜਾ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕੀਤੇ ਜਾਣਗੇ।