ਵਕੀਲਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ

ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਕਰਨਵੀਰ ਵਸਿਸ਼ਟ ਦੀ ਅਗਵਾਈ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰ ਐਡਵੋਕੇਟ ਵਰਿੰਦਰ ਸਿੰਘ ’ਤੇ ਕੀਤੇ ਗਏ ਅਣਮਨੁੱਖੀ ਵਤੀਰੇ ਦੇ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਦੀ ਗਿ੍ਰਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ। ਵਕੀਲਾਂ ਨੇ ਮਾੜੇ ਪੁਲਿਸ ਵਤੀਰੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਭਾਵੇਂ ਪੁਲਿਸ ਪ੍ਰਸ਼ਾਸਨ ਵਲੋਂ ਇਸ ਮਾਮਲੇ ਨਾਲ ਸੰਬੰਧਿਤ ਇਕ ਐਸ. ਪੀ. ਅਤੇ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸਮੇਤ ਛੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤੱਕ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਨਾਲ ਸੰਬੰਧਿਤ ਪੁਲਿਸ ਮੁਲਾਜ਼ਮਾਂ ਦੀ ਗਿ੍ਰਫ਼ਤਾਰੀ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਵਿਧਾਨ ਸਭਾ ਵਿਚ ਐਡਵੋਕੇਟ ਪ੍ਰੋਟੈਕਸ਼ਨ ਐਕਟ ਪਾਸ ਕਰਨ ਅਤੇ ਵਕੀਲ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ।