ਭਾਰਤ-ਕੈਨੇਡਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਸ ਕੀਤਾ ਇਕ ਵਿਸ਼ੇਸ਼ ਮਤਾ
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਕੈਨੇਡਾ ਦੀ ਸੰਸਦ ਅੰਦਰ ਉਥੋਂ ਦੇ ਵਸਨੀਕ ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ ਅਧਿਕਾਰੀਆਂ ਦਾ ਹੱਥ ਹੋਣ ਬਾਰੇ ਲਗਾਏ ਦੋਸ਼ਾਂ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਪਾਸ ਕੀਤੇ ਗਏ ਇਕ ਵਿਸ਼ੇਸ਼ ਮਤੇ ਵਿਚ ਕਿਹਾ ਗਿਆ ਕਿ ਕਿਸੇ ਵੀ ਦੇਸ਼ ਦੀ ਸੰਸਦ ਵਿਚ ਪ੍ਰਧਾਨ ਮੰਤਰੀ ਵਲੋਂ ਦਿੱਤਾ ਗਿਆ ਬਿਆਨ ਆਮ ਨਹੀਂ ਸਮਝਿਆ ਜਾਂਦਾ, ਸਗੋਂ ਦੇਸ਼ ਦੇ ਸੰਵਿਧਾਨ ਦੀ ਮਾਣ-ਮਰਯਾਦਾ ਦੇ ਦਾਇਰੇ ਵਿਚ ਤੱਥਾਂ ਅਧਾਰਿਤ ਮੰਨਿਆ ਜਾਂਦਾ ਹੈ। ਪਾਰਲੀਮੈਂਟ ਅੰਦਰ ਪ੍ਰਧਾਨ ਮੰਤਰੀ ਵਲੋਂ ਆਖੀ ਗਈ ਹਰ ਗੱਲ ਨੂੰ ਸਹਿਜੇ ਹੀ ਨਕਾਰਿਆ ਨਹੀਂ ਜਾ ਸਕਦਾ। ਕੈਨੇਡਾ ਦੇ ਪ੍ਰਧਾਨ ਮੰਤਰੀ ਵਲੋਂ ਭਾਰਤੀ ਏਜੰਸੀਆਂ ’ਤੇ ਲਗਾਏ ਦੋਸ਼ਾਂ ਦੀ ਸੱਚਾਈ ਦੋਹਾਂ ਦੇਸ਼ਾਂ ਨੂੰ ਰਾਜਨੀਤੀ ਤੋਂ ਪਰ੍ਹੇ ਜਾ ਕੇ ਇਕ ਸੁਹਿਰਦ ਪਹੁੰਚ ਰਾਹੀਂ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ। ਜੇਕਰ ਇਸ ਨੂੰ ਕੇਵਲ ਰਾਜਨੀਤੀ ਕਰਕੇ ਹੀ ਦਬਾ ਦਿੱਤਾ ਜਾਂਦਾ ਹੈ ਤਾਂ ਇਹ ਮਾਨਵੀ ਅਧਿਕਾਰਾਂ ਨਾਲ ਨਾਇਨਸਾਫ਼ੀ ਮੰਨੀ ਜਾਵੇਗੀ। ਇਸ ਸਮੁੱਚੇ ਵਰਤਾਰੇ ਵਿਚ ਮੁੱਖ ਮੀਡੀਆ ਅਤੇ ਸੋਸ਼ਲ ਮੀਡੀਆ ਮੰਚਾਂ ’ਤੇ ਸਿੱਖ ਅਤੇ ਪੰਜਾਬ ਵਿਰੋਧੀ ਫੈਲਾਏ ਜਾ ਰਹੇ ਨਫ਼ਰਤੀ ਕੂੜ ਪ੍ਰਚਾਰ ਦੀ ਵੀ ਕਰੜੀ ਨਿੰਦਾ ਕਰਦਿਆਂ ਕਿਹਾ ਗਿਆ ਹੈ ਕਿ ਮੀਡੀਆ ਦੇ ਵੱਡੇ ਹਿੱਸੇ ਵਲੋਂ ਜਾਣਬੁਝ ਕੇ ਭਾਰਤ ਕੈਨੇਡਾ ਮਾਮਲਾ ਕੇਵਲ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ’ਤੇ ਹੀ ਕੇਂਦਰਿਤ ਕਰ ਦਿੱਤਾ ਗਿਆ ਹੈ। ਅੰਤ੍ਰਿੰਗ ਕਮੇਟੀ ਨੇ ਮਤੇ ਰਾਹੀਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਮਸਲੇ ਨੂੰ ਸੰਜੀਦਗੀ ਨਾਲ ਲੈ ਕੇ ਇਸ ਵਿਚ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਵਾਲੇ ਲੋਕਾਂ ’ਤੇ ਕਾਰਵਾਈ ਕਰੇ। ਇਸ ਵਿਸ਼ੇਸ਼ ਮਤੇ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵਲੋਂ ਕਈ ਹੋਰ ਫ਼ੈਸਲੇ ਲੈਣ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਮਾਮਲੇ ਵੀ ਵਿਚਾਰੇ ਗਏ।