ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਉਨ੍ਹਾਂ ਦੇ ਦੋ ਸਾਥੀਆਂ ਬਲਦੇਵ ਸਿੰਘ ਸਿਰਸਾ ਅਤੇ ਮੰਨੂੰ ਕੋਹਾੜ ਸਮੇਤ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੀ ਗ੍ਰਿਫ਼ਤਾਰੀ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਅੱਜ ਬਾਅਦ ਦੁਪਹਿਰ ਰਾਸ਼ਟਰੀ ਮਾਰਗ (ਅੰਮ੍ਰਿਤਸਰ-ਬਠਿੰਡਾ) 'ਤੇ ਪੱਕਾ ਜਾਮ ਲਗਾ ਦਿੱਤਾ ਹੈ। ਯੂਨੀਅਨ ਦੇ ਆਗੂ ਚਰਨਜੀਤ ਸਿੰਘ ਨੇ ਦੱਸਿਆ ਕਿ ਕਰਨਾਟਕਾ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਗਰੁੱਪ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਤਕਰਾਰ ਚੱਲ ਰਿਹਾ ਸੀ। ਅੱਜ ਜਦੋਂ ਸਵੇਰੇ ਯੂਨੀਅਨ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿਚ ਹੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀ ਨੂੰ ਲੈ ਕੇ ਰਾਸ਼ਟਰੀ ਮਾਰਗ 'ਤੇ ਪਿੰਡ ਟਹਿਣਾ ਨਜ਼ਦੀਕ ਧਰਨਾ ਲਗਾ ਦਿੱਤਾ ਹੈ। ਇਹ ਧਰਨਾ ਉਨ੍ਹਾਂ ਦੀ ਰਿਹਾਈ ਤੱਕ ਜਾਰੀ ਰਹੇਗਾ ।