JALANDHAR WEATHER

ਲੋਕਲ ਗੁਰਦੁਆਰਾ ਕਮੇਟੀਆਂ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ 'ਚ ਕਰਨਗੀਆਂ ਭਰਵੀਂ ਸ਼ਮੂਲੀਅਤ

ਅੰਮ੍ਰਿਤਸਰ, 11ਦਸੰਬਰ (ਜਸਵੰਤ ਸਿੰਘ ਜੱਸ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ 20 ਦਸੰਬਰ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਕੀਤੇ ਜਾਣ ਵਾਲੇ ਪੰਥਕ ਪ੍ਰਦਰਸ਼ਨ ਵਿਚ ਪੰਜਾਬ ਦੀਆਂ ਲੋਕਲ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਇਸ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨਾਂ ਅਤੇ ਹੋਰ ਨੁਮਾਇੰਦਿਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।

ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਾਂਝਾ ਕੌਮੀ ਕਾਰਜ ਹੈ, ਜਿਸ ਲਈ ਹਰ ਇਕ ਵਰਗ ਦੀ ਸ਼ਮੂਲੀਅਤ ਨਿਰਣਾਇਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ 20 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਪੰਥਕ ਪ੍ਰਦਰਸ਼ਨ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀ ਇਕ ਸਾਂਝੀ ਆਵਾਜ਼ ਦਾ ਪ੍ਰਗਟਾਵਾ ਕਰੇਗਾ। ਇਸ ਮੌਕੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨੇ ਕਿਹਾ ਕਿ ਬੰਦੀ ਸਿੰਘਾਂ ਵਾਸਤੇ ਪਹਿਲ ਦੇ ਆਧਾਰ 'ਤੇ ਕਾਰਜ ਕੀਤੇ ਜਾਣਗੇ ਅਤੇ ਜਿਹੜੀ ਵੀ ਪੰਥਕ ਸੇਵਾ ਜੁੰਮੇ ਲੱਗੇਗੀ ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ