JALANDHAR WEATHER

1984 ਸਿੱਖ ਕਤਲੇਆਮ ਪੀੜ੍ਹਤ ਵੈਲਫ਼ੇਅਰ ਸੁਸਾਇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ

ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)-1984 ਸਿੱਖ ਕਤਲੇਆਮ ਪੀੜ੍ਹਤ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਵੋਟਾਂ ਪਾਉਣ ਤੋਂ ਪਹਿਲਾਂ ਸਿੱਖਾਂ ਨੂੰ ਜੂਨ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਸਰਕਾਰ ਵਲੋਂ ਕੀਤੇ ਫੌਜੀ ਹਮਲੇ ਅਤੇ ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਬੇਰਹਿਮੀ ਦੇ ਨਾਲ ਸ਼ਹੀਦ ਕੀਤੇ ਗਏ ਹਜ਼ਾਰਾਂ ਬੇਦੋਸ਼ ਅਤੇ ਨਿਹੱਥੇ ਸਿੱਖਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਨੂੰ ਵੋਟਾਂ ਨਾ ਪਾਉਣ ਦੀ ਅਪੀਲ ਕੀਤੀ ਹੈ। ਅੱਜ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਸਾਇਟੀ ਦੇ ਆਗੂਆਂ ਨੇ ਕਿਹਾ ਕਿ 1 ਜੂਨ 1984 ਨੂੰ ਪੰਜਾਬ ਵਿਚ ਕਰਫਿਊ ਲਗਾ ਕੇ ਸ੍ਰੀ ਦਰਬਾਰ ਸਾਹਿਬ ਅਤੇ ਪੰਜਾਬ ਵਿਚਲੇ 37 ਹੋਰ ਗੁਰਦੁਆਰਾ ਸਾਹਿਬਾਨ ਵਿਖੇ ਫੌਜ ਚਾੜ੍ਹ ਕੇ ਹਮਲਾ ਕੀਤਾ ਗਿਆ ਸੀ, ਜਿਸ ਵਿਚ ਹਜ਼ਾਰਾਂ ਸਿੱਖ ਸ਼ਹੀਦ ਹੋ ਗਏ ਸਨ। ਪ੍ਰਧਾਨ ਸੁਰਜੀਤ ਸਿੰਘ ਅਤੇ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ 1984 ਦੇ ਕਤਲੇਆਮ ਦੇ ਪੰਜਾਬ ਵਿਚ ਰਹਿੰਦੇ ਹਜ਼ਾਰਾਂ ਦੀ ਗਿਣਤੀ ਵਿਚ ਪੀੜਤ ਪਰਿਵਾਰਾਂ ਵਲੋਂ ਅੱਜ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕੇ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਲਈ ਅਰਦਾਸ ਕੀਤੀ ਗਈ ਹੈ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਦਾ ਬਾਈਕਾਟ ਕੀਤਾ ਜਾਵੇ। ਇਸ ਮੌਕੇ ਸੁਸਾਇਟੀ ਮੈਂਬਰਾਂ ਵਲੋਂ ਦਿੱਲੀ ਸਿੱਖ ਕਤਲੇਆਮ ਤੇ ਸਾਕਾ ਨੀਲਾ ਤਾਰਾ ਦੀਆਂ ਤਸਵੀਰਾਂ ਵੀ ਹੱਥਾਂ ਵਿਚ ਫੜੀਆਂ ਹੋਈਆਂ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ