ਕੈਥਲ ’ਚ ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕਨੂੰਨੀ ਕਾਰਵਾਈ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ ਲਿਹਾਜਾ ਹਰਿਆਣਾ ਸਰਕਾਰ ਇਸ ਨੂੰ ਗੰਭੀਰਤਾ ਨਾਲ ਲਵੇ ਅਤੇ ਸੂਬੇ ਅੰਦਰ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵੇਖਣ ਵਿੱਚ ਆ ਰਿਹਾ ਹੈ ਕਿ ਸਿੱਖਾਂ ਵਿਰੁੱਧ ਭਾਰਤ ਦੇਸ਼ ਅੰਦਰ ਲਗਾਤਾਰ ਨਫ਼ਰਤੀ ਮਹੌਲ ਸਿਰਜਿਆ ਜਾ ਰਿਹਾ ਹੈ ਅਤੇ ਵੱਖ-ਵੱਖ ਸੂਬਿਆਂ ’ਚ ਬਿਨਾਂ ਕਿਸੇ ਕਾਰਨ ਹੀ ਸਿੱਖਾਂ ਨੂੰ ਨਿਸ਼ਾਨੇ ’ਤੇ ਲਿਆ ਜਾਂਦਾ ਹੈ। ਸਰਕਾਰਾਂ ਦੀ ਇਹ ਜਿੰਮੇਵਾਰੀ ਹੈ ਕਿ ਦੇਸ਼ ਅੰਦਰ ਹਰ ਵਰਗ, ਹਰ ਧਰਮ ਅਤੇ ਹਰ ਫਿਰਕੇ ਦੇ ਲੋਕਾਂ ਧਾਰਮਿਕ ਅਜ਼ਾਦੀ ਅਤੇ ਹੱਕ ਹਕੂਕਾਂ ਦੀ ਤਰਜਮਾਨੀ ਕਰੇ। ਜਿਹੜੇ ਵੀ ਲੋਕ ਦੇਸ਼ ਦੇ ਸੰਵਿਧਾਨ ਵਿਰੁੱਧ ਜਾ ਕੇ ਨਫ਼ਰਤੀ ਅਤੇ ਫਿਰਕੂ ਮਹੌਲ ਸਿਰਜਦੇ ਹਨ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਜ਼ਰੂਰ ਹੋਵੇ।