ਨਸ਼ਿਆਂ ਨੇ ਕੀਤਾ ਪੰਜਾਬ ਤਬਾਹ- ਕਾਂਗਰਸ ਪ੍ਰਧਾਨ

ਅੰਮ੍ਰਿਤਸਰ, 28 ਮਈ- ਅੱਜ ਇਥੇ ਬੋਲਦਿਆਂ ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਿਲਕੁੱਲ ਵਿਗੜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਲਾਗੂ ਹੋਈ ਨੋਟਬੰਦੀ ਅਤੇ ਜੀ.ਐਸ.ਟੀ. ਕਾਰਨ ਦੇਸ਼ ਦੇ ਵਪਾਰ ਨੂੰ ਵੱਡਾ ਨੁਕਸਾਨ ਪੁੱਜਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਨਾਲ ਤਬਾਹ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਨਾ ਹੋਣ ਕਾਰਨ ਹੀ ਇਥੋਂ ਦੇ ਨੌਜਵਾਨ ਦੇਸ਼ ਛੱਡ ਕੇ ਬਾਹਰਲੇ ਮੁਲਕਾਂ ਨੂੰ ਭੱਜ ਰਹੇ ਹਨ। ਕਿਸਾਨਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਅਸੀਂ ਖ਼ੇਤੀ ਲਈ ਵਰਤਿਆ ਜਾਣ ਵਾਲਾ ਸਾਰਾ ਸਾਮਾਨ ਜੀ.ਐਸ.ਟੀ. ਮੁਕਤ ਕਰ ਦਵਾਂਗੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵਿਚ ਲੋਕਾਂ ਦੀ ਆਮਦਨ ਘੱਟ ਰਹੀ ਹੈ ਅਤੇ ਮਹਿੰਗਾਈ ਦਿਨੋਂ ਦਿਨ ਵਧਦੀ ਜਾ ਰਹੀ ਹੈ।