ਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ, ਕੈਬਨਿਟ ਨੇ 14 ਸਾਉਣੀ ਦੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ.ਵਧਾਉਣ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ, 19 ਜੂਨ -ਕੇਂਦਰ 'ਚ ਤੀਜੀ ਵਾਰ ਮੋਦੀ ਸਰਕਾਰ ਬਣਨ ਤੋਂ ਬਾਅਦ ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ 'ਚ ਕਈ ਅਹਿਮ ਫ਼ੈਸਲੇ ਲਏ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਨੇ 14 ਸਾਉਣੀ ਦੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਕਿਹਾ ਕਿ 2024-25 ਲਈ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧਾ ਕੀਤਾ ਗਿਆ ਹੈ, ਤਾਂ ਜੋ ਉਤਪਾਦਕਾਂ ਨੂੰ ਉਨ੍ਹਾਂ ਦੀਆਂ ਉਪਜਾਂ ਲਈ ਲਾਹੇਵੰਦ ਭਾਅ ਯਕੀਨੀ ਬਣਾਇਆ ਜਾ ਸਕੇ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕੈਬਨਿਟ ਦੇ ਫ਼ੈਸਲੇ ਦਾ ਐਲਾਨ ਕਰਦੇ ਹੋਏ ਕਿਹਾ, "ਅੱਜ ਦੇ ਫ਼ੈਸਲੇ ਨਾਲ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇ ਤੌਰ 'ਤੇ ਲਗਭਗ 2 ਲੱਖ ਕਰੋੜ ਰੁਪਏ ਮਿਲਣਗੇ। ਇਹ ਪਿਛਲੇ ਸੀਜ਼ਨ ਦੇ ਮੁਕਾਬਲੇ 35,000 ਕਰੋੜ ਰੁਪਏ ਜ਼ਿਆਦਾ ਹੈ।" ਇਸ ਤੋਂ ਇਲਾਵਾ ਹਰੀ ਊਰਜਾ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ। ਵਾਰਾਣਸੀ ਵਿਚ ਹਵਾਈ ਅੱਡੇ ਦਾ ਵਿਸਤਾਰ ਕੀਤਾ ਜਾਵੇਗਾ। 2 ਲੱਖ ਗੋਦਾਮ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਸਰਕਾਰ 76200 ਕਰੋੜ ਰੁਪਏ ਨਾਲ ਪਾਲਘਰ ਦੇ ਵਧਾਵਨ ਬੰਦਰਗਾਹ ਦਾ ਵਿਸਤਾਰ ਕਰੇਗੀ। ਇਸ ਨਾਲ 12 ਲੱਖ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਹਰ ਰਾਜ ਵਿਚ ਇਕ ਫੋਰੈਂਸਿਕ ਸਾਇੰਸ ਯੂਨੀਵਰਸਿਟੀ ਕੈਂਪਸ ਹੋਵੇਗਾ।