
ਫ਼ਾਜ਼ਿਲਕਾ, 25 ਜੂਨ(ਪ੍ਰਦੀਪ ਕੁਮਾਰ)-ਅਬੋਹਰ ਦੇ ਪਿੰਡ ਜੋਧਪੁਰ 'ਚ ਕਿਸਾਨ ਦੀ ਖ਼ੁਦਕੁਸ਼ੀ ਮਾਮਲੇ ਦੇ ਅੰਦਰ ਪੀੜਤ ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਕਰਦਿਆਂ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ ਦਫ਼ਤਰ ਦੇ ਮੁੱਖ ਗੇਟ ਨੂੰ ਬੰਦ ਕਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੀੜਤ ਪਰਿਵਾਰ ਨੇ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਕੀਤੀ। ਤਪਦੀ ਦੁਪਹਿਰ ਦੇ ਅੰਦਰ ਪੀੜਤ ਪਰਿਵਾਰ ਨੇ ਧਰਨਾ ਪ੍ਰਦਰਸ਼ਨ ਕੀਤਾ। ਪੁਲਿਸ ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨੂੰ ਭਰੋਸੇ 'ਚ ਲੈ ਕੇ ਧਰਨਾ ਪ੍ਰਦਰਸ਼ਨ ਖ਼ਤਮ ਕਰਵਾਇਆ ਅਤੇ ਜਲਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਦਾ ਭਰੋਸਾ ਦਿੱਤਾ।ਮਿਲੀ ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਅਬੋਹਰ ਦੇ ਪਿੰਡ ਜੋਧਪੁਰ 'ਚ ਇਕ ਕਿਸਾਨ ਨੇ ਆਪਣੀ ਜ਼ਮੀਨ ਤੇ ਹੋਏ ਕਬਜ਼ੇ ਤੋਂ ਦੁਖੀ ਹੋ ਕੇ ਕਿਸੇ ਜ਼ਹਿਰੀਲੀ ਵਸਤੂ ਨੂੰ ਨਿਗਲ ਲਿਆ ਸੀ। ਜਿਸ ਨਾਲ ਕਿਸਾਨ ਦੀ ਮੌਤ ਹੋ ਗਈ ਸੀ। ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਤੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਜਿਸ ਤੋਂ ਬਾਅਦ ਹੁਣ ਪੀੜਤ ਪਰਿਵਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਿਹਾ ਹੈ।ਹਾਲੇ ਤਕ ਕਿਸਾਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਹੈ।