ਸ਼ੰਭੂ ਬਾਰਡਰ ਮੋਰਚੇ ’ਤੇ ਸੁਪਰੀਮ ਕੋਰਟ ਦੀ ਟਿੱਪਣੀ, ਨੈਸ਼ਨਲ ਹਾਈਵੇਅ ਕੋਈ ਪਾਰਕਿੰਗ ਖ਼ੇਤਰ ਨਹੀਂ
ਨਵੀਂ ਦਿੱਲੀ, 12 ਅਗਸਤ- ਅੱਜ ਸ਼ੰਭੂ ਬਾਰਡਰ ਸੰਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ ਦੇ ਡੀ.ਜੀ.ਪੀਜ਼. ਨੂੰ ਸ਼ੰਭੂ ਸਰਹੱਦ ’ਤੇ ਸੜਕਾਂ ਨੂੰ ਅੰਸ਼ਕ ਤੌਰ ’ਤੇ ਮੁੜ ਖੋਲ੍ਹਣ ਲਈ ਨਾਲ ਲੱਗਦੇ ਜ਼ਿਲ੍ਹਿਆਂ ਦੇ ਐਸ.ਪੀਜ਼. ਨਾਲ ਇਕ ਹਫ਼ਤੇ ਵਿਚ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਕੋਈ ਪਾਰਕਿੰਗ ਖ਼ੇਤਰ ਨਹੀਂ ਹੈ। ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪ੍ਰਸਤਾਵਿਤ ਪੈਨਲ ਲਈ ਗੈਰ-ਸਿਆਸੀ ਨਾਵਾਂ ਦਾ ਸੁਝਾਅ ਦੇਣ ਲਈ ਪੰਜਾਬ, ਹਰਿਆਣਾ ਸਰਕਾਰਾਂ ਦੀ ਸ਼ਲਾਘਾ ਕੀਤੀ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਹ ਸ਼ੰਭੂ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਕੀਤੇ ਜਾਣ ਵਾਲੇ ਪੈਨਲ ਦੀਆਂ ਸ਼ਰਤਾਂ ’ਤੇ ਸੰਖੇਪ ਆਦੇਸ਼ ਦੇਵੇਗਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਐਂਬੂਲੈਂਸਾਂ, ਜ਼ਰੂਰੀ ਸੇਵਾਵਾਂ ਅਤੇ ਸਥਾਨਕ ਯਾਤਰੀਆਂ ਦੀ ਆਵਾਜਾਈ ਦੀ ਸਹੂਲਤ ਲਈ ਸ਼ੰਭੂ ਸਰਹੱਦ ’ਤੇ ਸੜਕ ਨੂੰ ਅੰਸ਼ਕ ਤੌਰ ’ਤੇ ਖੋਲ੍ਹਣ ਦੀ ਲੋੜ ਹੈ। ਹੁਣ 22 ਅਗਸਤ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।