ਬੀਬੀ ਜਗੀਰ ਕੌਰ ਨੇ ਵੀ ਸ੍ਰੀ ਅਕਾਲ ਤਖ਼ਤ ਵਿਖੇ ਦਿੱਤਾ ਸਪੱਸ਼ਟੀਕਰਨ ਪੱਤਰ
ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ) - ਸਾਬਕਾ ਅਕਾਲੀ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸਿੰਘ ਸਾਹਿਬਾਨ ਦੇ ਆਦੇਸ਼ ਮੁਤਾਬਿਕ ਆਪਣਾ ਸਪੱਸ਼ਟੀਕਰਨ ਦੇਣ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਉਨ੍ਹਾਂ ਸਕੱਤਰੇਤ ਦੇ ਅਧਿਕਾਰੀਆਂ ਨੂੰ ਆਪਣਾ ਸਪੱਸ਼ਟੀਕਰਨ ਪੱਤਰ ਸੌਂਪਿਆ ਅਤੇ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕੇਵਲ 16 ਦਿਨ ਲਈ ਹੀ ਕੈਬਨਿਟ ਮੰਤਰੀ ਰਹੇ ਸਨ ਅਤੇ ਉਨਾਂ ਆਪਣਾ ਸਪੱਸ਼ਟੀਕਰਨ ਅੱਜ ਜਥੇਦਾਰ ਸਾਹਿਬ ਦੇ ਨਾਮ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਜੋ ਵੀ ਅਕਾਲ ਤਖ਼ਤ ਸਾਹਿਬ ਵਲੋਂ ਆਦੇਸ਼ ਹੋਵੇਗਾ, ਉਹ ਖਿੜੇ ਮੱਥੇ ਪ੍ਰਵਾਨ ਕਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਤੋਂ ਸਾਬਕਾ ਅਕਾਲੀ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ ਵੀ ਆਪਣੇ ਸਪੱਸ਼ਟੀਕਰਨ ਦੇ ਕੇ ਗਏ ਹਨ।