ਭਾਜਪਾ ਦਿੱਲੀ ਦੇ ਸਿੱਖ ਪ੍ਰਕੋਸ਼ਠ ਵਲੋਂ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਪ੍ਰਦਰਸ਼ਨ
ਨਵੀਂ ਦਿੱਲੀ, 11 ਸਤੰਬਰ- ਭਾਜਪਾ ਦਿੱਲੀ ਦੇ ਸਿੱਖ ਪ੍ਰਕੋਸ਼ਠ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਸਿੱਖ ਭਾਈਚਾਰੇ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦਿੱਲੀ ਪੁਲਿਸ ਵਲੋਂ ਭਾਜਪਾ ਆਗੂ ਆਰ.ਪੀ. ਸਿੰਘ ਤੇ ਹੋਰ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਭਾਜਪਾ ਆਗੂ ਆਰ.ਪੀ. ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਉਸ ਨੇ ਭਾਰਤ ਨੂੰ ਬਦਨਾਮ ਕਰਨ ਲਈ ਵਿਦੇਸ਼ੀ ਧਰਤੀ ਦੀ ਵਰਤੋਂ ਕੀਤੀ ਅਤੇ ਸਿੱਖਾਂ ਬਾਰੇ ਬਿਆਨ ਦਿੱਤਾ ਕਿ ਸਿੱਖਾਂ ਨੂੰ ਦਸਤਾਰ ਬੰਨ੍ਹਣ ਅਤੇ ਗੁਰਦੁਆਰੇ ਜਾਣ ਦੀ ਇਜਾਜ਼ਤ ਨਹੀਂ ਹੈ।