ਗੁਰਦਾਸਪੁਰ : ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ 'ਤੇ ਮੋਟਰਸਾਈਕਲ ਚਾਲਕ ਦੀ ਮੌਤ
ਤਿੱਬੜ (ਗੁਰਦਾਸਪੁਰ), 5 ਅਗਸਤ (ਭੁਪਿੰਦਰ ਸਿੰਘ ਬੋਪਾਰਾਏ)-ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਔਜਲਾ ਨੇੜੇ ਕੌਮੀ ਮਾਰਗ ਉਪਰ ਬਾਈਪਾਸ ਨੇੜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਕੇ ਫਰਾਰ ਹੋਣ ਉਤੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੜਕ ਸੁਰੱਖਿਆ ਸਟਾਫ਼ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਇਸ ਘਟਨਾ ਦੀ ਸੂਚਨਾ ਥਾਣਾ ਤਿੱਬੜ ਦੀ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਥਾਣਾ ਤਿੱਬੜ ਦੀ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ। ਮ੍ਰਿਤਕ ਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਟਰਪਾਈ ਥਾਣਾ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਘਟਨਾ ਨੂੰ ਲੈ ਕੇ ਮ੍ਰਿਤਕ ਦੇ ਵਾਰਸਾਂ ਵਲੋਂ ਪਿੰਡ ਔਜਲਾ ਵਿਖੇ ਪਹੁੰਚ ਕੇ ਕੌਮੀ ਸ਼ਾਹ ਮਾਰਗ ’ਤੇ ਧਰਨਾ ਲਗਾ ਦਿੱਤਾ ਗਿਆ। ਧਰਨਾਕਾਰੀਆਂ ਦੀ ਮੰਗ ਹੈ ਕਿ ਲਾਪ੍ਰਵਾਹੀ ਨਾਲ ਵਾਹਨ ਚਲਾਉਣ ਵਾਲੇ ਲੋਕਾਂ ਖਿਲਾਫ਼ ਟਰੈਫ਼ਿਕ ਪੁਲਿਸ ਵਲੋਂ ਸਖ਼ਤੀ ਨਾਲ ਪੇਸ਼ ਆਉਣਾ ਚਾਹੀਦਾ ਹੈ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਬਚ ਸਕਣ।